ਪੰਜਾਬ ਰਾਜਨੀਤੀ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
  • PublishedNovember 14, 2024

ਚੰਡੀਗੜ੍ਹ, 14 ਨਵੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ| ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ|

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ| ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Written By
The Punjab Wire