ਗੁਰਦਾਸਪੁਰ, 20 ਨਵੰਬਰ 2024 (ਦੀ ਪੰਜਾਬ ਵਾਇਰ )। ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਅੰਦਰ ਵੋਟ ਪ੍ਰਕਿਰਿਆ ਅਮਨ ਸਾਂਤੀ ਪੂਰਵਕ ਨੇਪਰੇ ਚੜ੍ਹਣ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੇ ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਪੋਲਿੰਗ ਸਟਾਫ ਦੇ ਸਹਿਯੋਗ ਨਾਲ ਵੋਟ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹੀ ਹੈ, ਜਿਸ ਲਈ ਸਾਰੇ ਵਧਾਈ ਦੇ ਪਾਤਰ ਹਨ।
ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿਖੇ ਸ਼ਾਮ 6 ਵਜੇ ਤੱਕ 63.2 ਫੀਸਦ ਵੋਟਿੰਗ ਹੋਈ ਹੈ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ।ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ।
ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ 2022 ਦੌਰਾਨ ਡੇਰਾ ਬਾਬਾ ਨਾਨਕ ਹਲਕੇ ਵਿੱਚ 73.70 ਅਤੇ ਲੋਕ ਸਭਾ ਚੋਣਾਂ 2024 ਦੌਰਾਨ 65.30 ਫੀਸਦ ਵੋਟਿੰਗ ਹੋਈ ਸੀ।