ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 21 ਨਵੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।