ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ
ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 26 ਨਵੰਬਰ 2024(ਦੀ ਪੰਜਾਬ ਵਾਇਰ)। ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਸਪਿੰਦਰ ਸਿੰਘ, ਐਸ.ਡੀ.ਐਮ ਦੀਨਾਨਗਰ ਅਤੇ ਗੁਰਦਾਸਪੁਰ ਅਤੇ ਵਿਭਾਗਾਂ ਦੇ ਮੁਖੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਦਵਾਈ ਤੇ ਸਾਡੇ ਸੰਵਿਧਾਨ ਘਾੜਿਆ ਨੇ 26 ਨਵੰਬਰ 1949 ਨੂੰ ਭਾਰਤ ਦਾ ਵਿਸਥਾਰ ਸੰਵਿਧਾਨ ਅਪਣਾਇਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਤੇ ਫਰਜ਼ਾ ਨੂੰ ਸਮਝ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਦਾ ਮੁੱਖ ਮਕਸਦ ਦੇਸ਼ ਦੇ ਹਰ ਨਾਗਰਿਕ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਆਜ਼ਾਦੀ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਸਾਡਾ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਤੇ ਆਪਣੇ ਫਰਜਾਂ ਪ੍ਰਤੀ ਸੁਚੇਤ ਹੋ ਕੇ ਹਰ ਨਾਗਰਿਕ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਹੈ।
ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਪੂਰਾ ਸਾਲ ਸਾਡੇ ਸੰਵਿਧਾਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਸਬੰਧੀ ਵੱਖ ਵੱਖ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ। ਉਨ੍ਹਾਂ ਸਿੱਖਿਆ ਵਿਭਾਗ ਅਤੇ ਪੇਂਡੂ ਵਿਭਾਗ ਸਮੇਤ ਸਮੂਹ ਵਿਭਾਗਾਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਕੈਲੰਡਰ ਤਿਆਰ ਕਰਨ ਲਈ ਕਿਹਾ।
ਇਸ ਮੌਕੇ ਸੁਰਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਸਮੂਹ ਹਾਜ਼ਰੀਨ ਨੂੰ ਭਾਰਤ ਦੇ ਸੰਵਿਧਾਨ, ਰਾਸ਼ਟਰੀ ਏਕਤਾ ਅਤੇ ਅਖੰਡਤਾ ਪ੍ਰਤੀ ਸਹੁੰ ਵੀ ਚੁਕਾਈ।
ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧੀ ਅੱਜ ਜਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਸਮੇਤ ਦਫਤਰਾਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।