Close

Recent Posts

ਪੰਜਾਬ

ਡਾ.ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਡਾ.ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ
  • PublishedNovember 29, 2024

ਡਾ.ਓਬਰਾਏ ਨੇ ਹੁਣ ਤੱਕ 380 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ : ਸੰਧੂ

ਅੰਮ੍ਰਿਤਸਰ ,29 ਨਵੰਬਰ 2024 (ਦੀ ਪੰਜਾਬ ਵਾਇਰ )। ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਨਾਲ ਸਬੰਧਤ 37 ਸਾਲਾ ਰਮਨ ਕੁਮਾਰ ਪੁੱਤਰ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 38 ਦਿਨਾਂ ਬਾਅਦ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਰਮਨ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 22 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ।

ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਰਮਨ ਕੁਮਾਰ ਦੇ ਮਾਸੀ ਦੇ ਪੁੱਤਰ ਸਾਗਰ ਤੇ ਉਸਦੇ ਦੋਸਤਾਂ ਨੇ ਸੰਪਰਕ ਕਰਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਸ ਦੇ ਵਾਰਸਾਂ ਤੱਕ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ ‘ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਰਮਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸਦੇ ਦੋਸਤਾਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਹੈ।

ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੇ ਰਮਨ ਕੁਮਾਰ ਦੇ ਜੀਜੇ ਸੂਰਜ ਤੋਂ ਇਲਾਵਾ ਭਰਾ ਸੁਨੀਲ ਕੁਮਾਰ ਤੇ ਪ੍ਰਿੰਸ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੇ ਭੈਣ-ਭਰਾਵਾਂ ਨੂੰ ਰੋਂਦਿਆਂ ਕੁਰਲੌਂਦਿਆਂ ਛੱਡ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 380 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

Written By
The Punjab Wire