ਪੰਜਾਬ ਮੁੱਖ ਖ਼ਬਰ

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 45ਵੇਂ ਗੰਨਾ ਪਿੜਾਈ ਸੀਜ਼ਨ ਦਾ ਉਦਘਾਟਨ

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 45ਵੇਂ ਗੰਨਾ ਪਿੜਾਈ ਸੀਜ਼ਨ ਦਾ ਉਦਘਾਟਨ
  • PublishedNovember 30, 2024

ਪੰਜਾਬ ਸਰਕਾਰ ਵੱਲੋਂ 402 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਪਨਿਆੜ ਨੂੰ ਕੀਤਾ ਜਾ ਰਿਹਾ ਹੈ ਅਪਗਰੇਡ – ਕਟਾਰੂਚੱਕ

ਦੀਨਾਨਗਰ/ਗੁਰਦਾਸਪੁਰ, 30 ਨਵੰਬਰ 2024 (ਦੀ ਪੰਜਾਬ ਵਾਇਰ) । ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ ਦੇ 45ਵੇਂ ਦੇ ਗੰਨਾ ਪਿੜਾਈ ਸੀਜਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਉੱਘੇ ਜਨਤਕ ਆਗੂ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ੍ਰੀ ਸ਼ਮਸ਼ੇਰ ਸਿੰਘ, ਸੀਨੀਅਰ ਆਪ ਆਗੂ ਹਰਜੀਤ ਸਿੰਘ ਟਿੱਕਾ, ਸੁਖਦੇਵ ਰਾਜ, ਬਲਾਕ ਪ੍ਰਧਾਨ ਦੀਪਕ ਕੁਮਾਰ, ਸਰਪੰਚ ਗੁਰਨਾਮ ਸਿੰਘ ਸਿੰਘੋਵਾਲ, ਸਰਪੰਚ ਗੌਰਵ ਸ਼ਾਹਪੁਰ, ਮਿੱਲ ਦੇ ਜਨਰਲ ਮੈਨੇਜਰ ਸਰਬਜੀਤ ਸਿੰਘ ਹੁੰਦਲ, ਇੰਜੀਨੀਅਰ ਸੰਦੀਪ ਸਿੰਘ, ਚੀਫ ਕੈਮਿਸਟ ਆਈ.ਪੀ.ਐੱਸ ਭਾਟੀਆ ਅਤੇ ਚੀਫ ਅਕਾਊਂਟ ਅਫ਼ਸਰ ਏ.ਐੱਸ. ਮਠਾਰੂ ਵੀ ਮੌਜੂਦ ਸਨ।

ਗੰਨੇ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਘੜੀ ਅਪਣੇ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਕੰਮ ਕੀਤੇ ਜਾ ਰਹੇ ਹਨ ਅਤੇ ਹਾਲ ਹੀ ਵਿੱਚ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਕਿਸਾਨਾਂ ਨੂੰ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਹੈ।

ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 402 ਕਰੋੜ ਰੁਪਏ ਖਰਚ ਕਰਕੇ ਸਹਿਕਾਰੀ ਮਿੱਲ ਗੁਰਦਾਸਪੁਰ ਦੀ ਸਮਰੱਥਾ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦੀ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਿੱਲ ਵਿਖੇ 250 ਕਰੋੜ ਰੁਪਏ ਦੀ ਲਾਗਤ ਨਾਲ ਇੱਕ 120 ਕੇ.ਐਲ.ਪੀ.ਡੀ ਈਥਾਨੋਲ ਪਲਾਂਟ ਵੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੱਲ ਦੀ ਸਮਰੱਥਾ ਵੱਧਣ ਨਾਲ ਇਲਾਕੇ ਦੇ ਗੰਨਾ ਕਾਸਤਕਾਰਾਂ ਦਾ ਸਾਰਾ ਗੰਨਾ ਪੀੜਿਆ ਜਾ ਸਕੇਗਾ ਜਿਸ ਨਾਲ ਗੰਨਾਂ ਕਾਸਤਕਾਰਾਂ ਅਤੇ ਇਲਾਕਾ ਵਾਸੀਆਂ ਨੂੰ ਵਿੱਤੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲਗਣ ਤੇ ਗੰਨਾ ਕਾਸਤਕਾਰਾਂ ਨੂੰ ਬਾਹਰਲੀਆਂ ਮਿੱਲਾਂ ਵਿੱਚ ਸਪਲਾਈ ਕੀਤੇ ਜਾ ਰਹੇ ਗੰਨੇ ਦੀ ਢੋਆ-ਢੁਆਈਤੇ ਖਰਚੇ ਜਾ ਰਹੇ 15-20 ਕਰੋੜ ਰੁਪਏ ਦੀ ਬਚਤ ਵੱਖਰੀ ਹੋਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਫੈਸਲਿਆਂ ਤੋਂ ਕਿਸਾਨ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀਆਂ ਫਸਲਾਂ ਦਾ ਪੂਰਾ ਭਾਅ ਮਿਲਿਆ ਹੈ ਅਤੇ ਖੇਤੀ ਲਈ ਨਿਰਵਿਗਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁਫ਼ਤ ਤੇ ਨਿਰਵਿਘਨ ਬਿਜਲੀ ਸਪਲਾਈ, ਸਬਸਿਡੀ ਉੱਪਰ ਖੇਤੀ ਸੰਦ, ਸਹਾਇਕ ਧੰਦੇ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਦੇਣ ਦੇ ਨਾਲ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਿੱਲ ਨੂੰ ਪਹਿਲੇ ਪੰਜ ਗੰਨਾ ਸਪਲਾਈ ਕਰਨ ਵਾਲੇ ਕਿਸਾਨ ਬਲਬੀਰ ਸਿੰਘ ਪਿੰਡ ਬਲਸੂਆਂ, ਹੰਸ ਰਾਜ ਪਿੰਡ ਝੇਲਾ ਸ਼ਕਰਗੜ੍ਹ, ਅੱਛਰ ਸਿੰਘ ਪਿੰਡ ਦਲੇਰਪੁਰ, ਗੁਰਮੁੱਖ ਸਿੰਘ ਪਿੰਡ ਚੂੜ ਚੱਕ ਅਤੇ ਜੇਠਾ ਸਿੰਘ ਪਿੰਡ ਟਾਂਡਾ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।

Written By
The Punjab Wire