ਡੇਰਾ ਬਾਬਾ ਨਾਨਕ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਆਪਣੇ ਫਰਜ ਦੀ ਅਦਾਇਗੀ ਕਰਾਂਗਾ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਇੱਕ ਵਾਰ ਡੇਰਾ ਬਾਬਾ ਨਾਨਕ ਦੇ ਸਮੂਹ ਵੋਟਰਾਂ ਦਾ ਧੰਨਵਾਦ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਦਸੰਬਰ 2024 (ਦੀ ਪੰਜਾਬ ਵਾਇਰ) । ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੇ ਕੱਲ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਇੱਕ ਵਾਰ ਫਿਰ ਹਲਕੇ ਦੇ ਸਮੂਹ ਵੋਟਰਾਂ ਦਾ ਦਿਲੀ ਧੰਨਵਾਦ ਕੀਤਾ ਹੈ। ਸ. ਰੰਧਾਵਾ ਨੇ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਦੇ ਵੋਟਰਾਂ ਦੇ ਹਮੇਸ਼ਾਂ ਕਰਜ਼ਦਾਰ ਰਹਿਣਗੇ ਅਤੇ ਉਹ ਪੂਰੀ ਮਿਹਤਨ, ਲਗਨ ਤੇ ਇਮਾਨਦਾਰੀ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ ਕੇ ਆਪਣੇ ਫਰਜ ਦੀ ਅਦਾਇਗੀ ਕਰਨਗੇ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ਹੈ ਅਤੇ ਇਸ ਪਾਵਨ-ਪਵਿੱਤਰ ਧਰਤੀ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਡੇਰਾ ਬਾਬਾ ਨਾਨਕ ਦੇ ਲੋਕਾਂ ਨੇ ਵੀ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਹਿੱਸਾ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਹਲਕੇ ਲਈ ਨਵੇਂ ਪ੍ਰੋਜੈਕਟ ਲੈ ਕੇ ਆਉਣਗੇ ਤਾਂ ਜੋ ਇਥੋਂ ਦੇ ਲੋਕਾਂ ਦਾ ਜੀਵਨ-ਪੱਧਰ ਹੋਰ ਉੱਚਾ ਹੋ ਸਕੇ।
ਸ. ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਵੱਲੋਂ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਾ ਸੂਬੇ ਦੇ ਹਰੇਕ ਵਰਗ ਨੂੰ ਫਾਇਦਾ ਹੋਇਆ ਹੈ ਅਤੇ 90 ਫੀਸਦੀ ਤੋਂ ਵੱਧ ਖਪਤਕਾਰਾਂ ਦਾ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣ ਲਈ ਵੀ ਵਚਨਬੱਧ ਹੈ ਅਤੇ ਪਿਛਲੇ ਢਾਈ ਸਾਲਾਂ ਦੌਰਾਨ ਰਾਜ ਸਰਕਾਰ ਵੱਲੋਂ 50000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੱਲ ਰਹੀ ਵਿਕਾਸ ਕ੍ਰਾਂਤੀ ਦਾ ਲਾਭ ਹੁਣ ਡੇਰਾ ਬਾਬਾ ਨਾਨਕ ਨੂੰ ਵੀ ਪਹੁੰਚੇਗਾ।