ਪੰਜਾਬ

ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਕੀਤੀ ਕਰੜੀ ਨਿੰਦਾ

ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਕੀਤੀ ਕਰੜੀ ਨਿੰਦਾ
  • PublishedDecember 4, 2024

ਕਿਹਾ ਕਿ ਧਾਰਮਿਕ ਸਜ਼ਾ ਤਹਿਤ ਸੇਵਾ ਕਰ ਰਹੇ ਸੁਖਬੀਰ ਬਾਦਲ ਉੱਪਰ ਹਮਲਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ

ਪੰਜਾਬ ਦੇ ਲੋਕਾਂ ਨੂੰ ਸੰਜਮ ਰੱਖਣ ਦੀ ਕੀਤੀ ਅਪੀਲ

ਕਿਹਾ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਸਿੱਧ ਹੋ ਰਹੀ ਹੈ ਆਪ ਸਰਕਾਰ

ਬਟਾਲਾ, 4 ਦਸੰਬਰ 2024 (ਦੀ ਪੰਜਾਬ ਵਾਇਰ)। ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਇਹ ਹਮਲਾ ਬੇਹੱਦ ਮੰਗਭਾਗਾ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵੱਖ-ਵੱਖ ਧਰਮਾਂ ਦੇ ਲੋਕਾਂ ਦੀ ਆਸਥਾ ਦਾ ਪਵਿੱਤਰ ਅਸਥਾਨ ਹੈ ਜਿੱਥੇ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਪਹਿਲਾਂ ਤਾਂ ਆਪਣੇ ਆਪ ਵਿੱਚ ਇੱਕ ਵੱਡਾ ਗੁਨਾਹ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਸਜ਼ਾ ਤਹਿਤ ਸੇਵਾ ਕਰ ਰਹੇ ਸਨ ਜਿਨਾਂ ਉੱਪਰ ਕੀਤਾ ਗਿਆ ਇਹ ਹਮਲਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਗੁਨਾਹ ਸੁਖਬੀਰ ਸਿੰਘ ਬਾਦਲ ਨੇ ਕਬੂਲ ਕੀਤੇ ਹਨ ਉਹਨਾਂ ਦੀ ਸਜ਼ਾ ਜਿੱਥੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਹੈ ਉਸ ਦੇ ਨਾਲ ਹੀ ਦੇਸ਼ ਦੀਆਂ ਅਦਾਲਤਾਂ ਵੀ ਕਾਨੂੰਨ ਅਨੁਸਾਰ ਉਹਨਾਂ ਦੀ ਸਜ਼ਾ ਜਰੂਰ ਦੇਣਗੀਆ। ਪਰ ਲੋਕਾਂ ਨੂੰ ਆਪੇ ਤੋਂ ਬਾਹਰ ਹੋਣ ਦੀ ਬਜਾਏ ਸੰਜਮ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਇਸ ਗੱਲ ਨੂੰ ਸਮਝਣ ਦੀ ਲੋੜ ਹੈ ਕਿ ਦੇਸ਼ ਵਿਰੋਧੀ ਤਾਕਤਾਂ ਪੰਜਾਬ ਅਤੇ ਦੇਸ਼ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀਆਂ ਹਨ।

ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਹੋਇਆ ਇਹ ਹਮਲਾ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤਾਕਤਾਂ ਦੀ ਸਾਜਿਸ਼ ਦਾ ਨਤੀਜਾ ਹੋ ਸਕਦਾ ਹੈ ਅਤੇ ਬਹੁਤ ਜਲਦੀ ਇਸ ਸਬੰਧੀ ਸੱਚਾਈ ਜੱਗ ਜਾਹਿਰ ਹੋ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਪੰਜਾਬ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜੇਕਰ ਇੱਕ ਸਾਬਕਾ ਡਿਪਟੀ ਮੁੱਖ ਮੰਤਰੀ ਸੁਰੱਖਿਤ ਨਹੀਂ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਉਮੀਦ ਕਰਨੀ ਬਹੁਤ ਮੁਸ਼ਕਿਲ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲੇ ਸਮੇਤ ਕਈ ਸ਼ਖਸ਼ੀਅਤਾਂ ਦਾ ਕਤਲ ਹੋ ਚੁੱਕਾ ਹੈ। ਅਤੇ ਕਈ ਲੋਕਾਂ ਕੋਲੋਂ ਸ਼ਰੇਆਮ ਫਰੋਤੀਆਂ ਮੰਗਣ ਦਾ ਸਿਲਸਿਲਾ ਵੀ ਜਾਰੀ ਹੈ।

ਪਰ ਪੰਜਾਬ ਦੀ ਸਰਕਾਰ ਸੂਬੇ ਅੰਦਰ ਅਮਨ ਸ਼ਾਂਤੀ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸ ਮੌਕੇ ਕੇਂਦਰ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਅਨੁਸਾਰ ਇਸ ਸਾਰੀ ਘਟਨਾਕਮ ਦੀ ਨਿਰਪੱਖ ਜਾਂਚ ਕਰਾਉਣ ਲਈ ਵਚਨਬੱਧ ਹੈ ਅਤੇ ਭਾਰਤੀ ਜਨਤਾ ਪਾਰਟੀ ਇਸ ਗੱਲ ਲਈ ਪੂਰੀ ਕੋਸ਼ਿਸ਼ ਕਰੇਗੀ ਕਿ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਾਉਣ ਦੀ ਸਾਜ਼ਿਸ਼ ਕਰਨ ਵਾਲੀਆਂ ਏਜੰਸੀਆਂ ਨੂੰ ਬੇਨਕਾਬ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ ਅਤੇ ਲੋਕਾਂ ਨੂੰ ਸਾਰੀ ਸੱਚਾਈ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਪੰਜਾਬ ਦੇ ਵਾਸੀਆਂ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਅੱਗ ਲਗਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਸਫਲ ਨਾ ਹੋਣ ਦੇਣ।

Written By
The Punjab Wire