Close

Recent Posts

ਪੰਜਾਬ ਰਾਜਨੀਤੀ

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ
  • PublishedDecember 10, 2024

ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦਾ ਹੋਰ ਵਿਸਥਾਰ ਬੇਹੱਦ ਲਾਜ਼ਮੀ: ਮੁੰਡੀਆਂ

ਚੰਡੀਗੜ੍ਹ, 10 ਦਸੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ। ਇਸ ਮੰਗ ਉੱਤੇ ਉਨ੍ਹਾਂ ਨੂੰ ਇਹ ਰਾਸ਼ੀ ਪਹਿਲ ਦੇ ਆਧਾਰ ਉੱਤੇ ਜਾਰੀ ਹੋਣ ਦਾ ਵਿਸ਼ਵਾਸ ਵੀ ਮਿਲਿਆ।

ਜਲ ਜੀਵਨ ਮਿਸ਼ਨ ਸਕੀਮ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ੍ਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਸ੍ਰੀ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਵਿੱਚ ਬਾਕਮਾਲ ਪ੍ਰਗਤੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕੀਤੀ ਗਈ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ ਅਤੇ ਮਿਸ਼ਨ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਵੀ ਮੌਜੂਦ ਸਨ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸੂਬਾ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਸਾਰੇ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮਾਡਲ ਪਲੱਸ ਦਰਜਾ ਹਾਸਲ ਕਰਨ ਦਾ ਟੀਚਾ ਰੱਖਦਾ ਹੈ।

ਸ੍ਰੀ ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਉਪਰੰਤ ਸੂਬੇ ਵਿੱਚ ਗਰਾਮ ਪੰਚਾਇਤਾਂ ਦਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਪ੍ਰਗਤੀ ਵਿੱਚ ਵਾਧੇ ‘ਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਇਸ ਦਿਸ਼ਾ ਵਿੱਚ ਹੋਰ ਠੋਸ ਕਦਮ ਚੁੱਕੇ ਜਾਣਗੇ।

ਇਸ ਦੌਰਾਨ ਕੇਂਦਰੀ ਮੰਤਰੀ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਪ੍ਰਾਪਤ ਕਰਨ ਲਈ ਪੰਜਾਬ ਦੀ ਮਹੱਤਵਪੂਰਨ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕਰਨ ਲਈ ਵੀ ਸ਼ਲਾਘਾ ਕੀਤੀ।

Written By
The Punjab Wire