Close

Recent Posts

ਪੰਜਾਬ ਰਾਜਨੀਤੀ

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ
  • PublishedDecember 12, 2024

ਚੰਡੀਗੜ੍ਹ, 12 ਦਸੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ‘ਤੇ ਬੈਠੇ ਹਨ, ਦੀ ਸਿਹਤ ‘ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।

ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

Written By
The Punjab Wire