ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦੇਣ ਦੇ ਨਾਲ ਸੂਬੇ ਦੇ ਰਾਜਨੀਤਿਕ ਹਾਲਤਾਂ ਬਾਰੇ ਚਰਚਾ ਕੀਤੀ
ਗੁਰਦਾਸਪੁਰ, 16 ਦਸੰਬਰ 2024 ( ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਜਿੱਤ ਲਈ ਸ੍ਰੀ ਕੇਜਰੀਵਾਲ ਨੂੰ ਵਧਾਈ ਦਿੱਤੀ ਓਥੇ ਉਨ੍ਹਾਂ ਸੂਬੇ ਦੀਆਂ ਰਾਜਨੀਤਿਕ ਹਾਲਤਾਂ ਬਾਰੇ ਵੀ ਚਰਚਾ ਕੀਤੀ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਡੇਰਾ ਬਾਬਾ ਨਾਨਕ ਸਮੇਤ ਪੰਜਾਬ ਦੀਆਂ ਬਾਕੀ ਜ਼ਿਮਨੀ ਚੋਣਾਂ ਦੀ ਜਿੱਤ ਤੋਂ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਤਾਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਸ. ਸੇਖਵਾਂ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਉਨ੍ਹਾਂ ਦੀ ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਵੀ ਡਿਊਟੀ ਲਗਾਈ ਹੈ ਅਤੇ ਉਨ੍ਹਾਂ ਨੇ ਪਾਰਟੀ ਸੁਪਰੀਮੋ ਨੂੰ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਦੀ ਜਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ।
ਇਸ ਤੋਂ ਬਾਅਦ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਅਤੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ੍ਰੀ ਸੰਦੀਪ ਪਾਠਕ ਨਾਲ ਵੀ ਮੁਲਾਕਾਤ ਕੀਤੀ।