ਕ੍ਰਾਇਮ ਪੰਜਾਬ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • PublishedDecember 16, 2024

ਚੰਡੀਗੜ੍ਹ 16 ਦਸੰਬਰ 2024 (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire