ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ
  • PublishedDecember 19, 2024

ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਇਲਾਜ ਦੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ

ਓਟ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਉੱਪਰ ਹੋਰ ਧਿਆਨ ਦੇਣ ਲਈ ਦਿੱਤਾ ਜ਼ੋਰ

ਗੁਰਦਾਸਪੁਰ, 19 ਦਸੰਬਰ 2024 (ਦੀ ਪੰਜਾਬ ਵਾਇਰ ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਇਆਕ੍ਰਮ, ਜਨਨੀ ਸੁਰਕਸ਼ਾ ਯੋਜਨਾ, ਮੁੱਖ ਮੰਤਰੀ ਕੈਂਸਰ ਰਾਹਤ ਸਕੀਮ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਓਟ ਕੇਂਦਰ, ਆਮ ਆਦਮੀ ਕਲੀਨਿਕਾਂ, ਵਿਦਿਆਰਥੀਆਂ ਦੇ ਮੁਫ਼ਤ ਮੈਡੀਕਲ ਚੈੱਕਅਪ ਪ੍ਰੋਗਰਾਮ, ਬੱਚਿਆਂ ਦਾ ਟੀਕਾਕਰਨ, ਟੀਬੀ ਮੁਹਿੰਮ ਸਮੇਤ ਸਿਹਤ ਵਿਭਾਗ ਦੀਆਂ ਹੋਰ ਸਕੀਮਾਂ ਦਾ ਵਿਸਥਾਰ ਵਿੱਚ ਮੁਲਾਂਕਣ ਕੀਤਾ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੱਚਾ-ਬੱਚਾ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਇਆਕ੍ਰਮ, ਜਨਨੀ ਸੁਰਕਸ਼ਾ ਯੋਜਨਾ ਨੂੰ ਸਿਹਤ ਸੰਸਥਾਵਾਂ ਵਿੱਚ ਪੂਰੀ ਤਰਾਂ ਲਾਗੂ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਸੰਸਥਾਗਤ ਜਣੇਪੇ ਨੂੰ 100 ਫ਼ੀਸਦੀ ਕੀਤਾ ਜਾਵੇ।

ਓਟ ਕੇਂਦਰਾਂ ਦਾ ਰੀਵਿਊ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਇੱਥੇ ਨਸ਼ੇ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਖ਼ਾਸ ਕਰਕੇ ਮਰੀਜ਼ਾਂ ਦੀਆਂ ਮਹਿਲਾ ਪਰਿਵਾਰਕ ਮੈਂਬਰਾਂ ਨੂੰ ਮਰੀਜ਼ ਦੇ ਇਲਾਜ ਅਤੇ ਦਵਾਈ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਵੀ ਕਿਹਾ ਜਾਵੇ ਕਿ ਉਹ ਵੀ ਆਪਣੇ ਪਰਿਵਾਰਕ ਮੈਂਬਰ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਓਟ ਕੇਂਦਰ ਵਿੱਚ ਆ ਰਹੇ ਮਰੀਜ਼ਾਂ ਦੀ ਰੈਗੂਲਰ ਕਾਊਂਸਲਿੰਗ ਕੀਤੀ ਜਾਵੇ ਅਤੇ ਇਨ੍ਹਾਂ ਮਰੀਜ਼ਾਂ ਦੇ ਡੋਪ ਟੈੱਸਟ ਅਤੇ ਬਾੳਮੀਟ੍ਰਿਕ ਸਕੈਨਿੰਗ ਦਾ ਵੀ ਪ੍ਰਬੰਧ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਕਾਰਇਆਕ੍ਰਮ ਤਹਿਤ ਸਕੂਲੀ ਵਿਦਿਆਰਥੀਆਂ ਦੇ ਇਲਾਜ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਬੱਚਿਆਂ ਦੇ ਇਲਾਜ ਸਬੰਧੀ ਜਾਣਕਾਰੀ ਸਕੂਲ ਅਧਿਆਪਕਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੀ ਨਜ਼ਰ ਕਮਜ਼ੋਰ ਹੈ, ਉਨ੍ਹਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਸ਼ੇਸ਼ ਮੁਹਿੰਮ ਦੌਰਾਨ 6600 ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਨਾਲ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਚਾਇਤੀ ਰਾਜ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਨ੍ਹਾਂ ਦੇ ਇਲਾਕੇ ਵਿੱਚ ਜਿੱਥੇ ਵੀ ਡੇਂਗੂ, ਮਲੇਰੀਏ ਦਾ ਲਾਰਵਾ ਮਿਲਦਾ ਹੈ ਓਥੇ ਘਰ-ਘਰ ਜਾ ਕੇ ਲਾਰਵਾ ਚੈੱਕ ਕੀਤਾ ਜਾਵੇ ਅਤੇ ਚਲਾਨ ਕੀਤੇ ਜਾਣ। ਇਸ ਤੋਂ ਇਲਾਵਾ ਫੋਗਿੰਗ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹੇ ਵਿੱਚ ਤੰਬਾਕੂਨੋਸ਼ੀ ਨੂੰ ਰੋਕਣ ਲਈ ਵੀ ਚਲਾਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਈਟ ਰਾਈਟ ਪ੍ਰੋਜੈਕਟ ਤਹਿਤ ਸ਼ਹਿਰ ਗੁਰਦਾਸਪੁਰ ਅਤੇ ਬਟਾਲਾ ਵਿਚ ਕਲੀਨ ਸਟਰੀਟ ਫੂਡ ਮਾਰਕਿਟ ਬਣੇਗੀ। ਉਨ੍ਹਾਂ ਕਿਹਾ ਕਿ ਰੇਹੜੀ ਅਤੇ ਫੜੀ ਵਾਲਿਆਂ ਲਈ ਜ਼ਿਲ੍ਹੇ ਵਿਚ ਵਿਸ਼ੇਸ਼ ਕੈਂਪ ਲਾਏ ਜਾਣਗੇ, ਜਿੱਥੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਨ ਦੇ ਨਾਲ ਉਨ੍ਹਾਂ ਨੂੰ ਟਰੇਨਿੰਗ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 5 ਈਟ ਰਾਈਟ ਸਟੇਸ਼ਨ ਬਣਾਏ ਜਾਣਗੇ ।

ਮੀਟਿੰਗ ਦੌਰਾਨ ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਨ ਨੇ ਦੱਸਿਆ ਕਿ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਵਿੱਚ ਪਿੰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਸਬੰਧੀ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਡੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਜੀਵ ਸਿੰਘ, ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ, ਅਸਿਟੈਂਟ ਕਮਿਸ਼ਨਰ ਫੂਡ ਡਾ. ਜੀ.ਐੱਸ. ਪੰਨੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਵਨਾ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਕੁਰ, ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਗੁਰਪ੍ਰੀਤ ਕੌਰ, ਡਾ. ਵਿੰਮੀ ਮਹਾਜਨ, ਡਾ. ਅਰਵਿੰਦ ਮਹਾਜਨ, ਡਾ. ਲਖਵਿੰਦਰ ਸਿੰਘ, ਡਾ. ਮਨਮੋਹਨ ਸਿੰਘ, ਡਾ. ਅਮਰਦੀਪ ਸਿੰਘ, ਡਾ. ਗੁਨੀਤ ਕੌਰ, ਡਾ. ਬ੍ਰਿਜੇਸ਼, ਡਾ. ਲਲਿਤ ਮੋਹਨ, ਡਾ. ਅਨੀਤਾ ਮਹਾਜਨ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Written By
The Punjab Wire