ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ
ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 19 ਦਸੰਬਰ 2024 (ਦੀ ਪੰਜਾਬ ਵਾਇਰ)। ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ।
ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਇਸ ਖਰੜੇ ਕਾਰਨ ਸੂਬਾ ਸਰਕਾਰ ਚਿੰਤਤ ਹੈ ਕਿਉਂਕਿ ਇਸ ਦਾ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ, ਜਿਸ ਕਾਰਨ ਉਹ ਇਸ ਨੀਤੀ ਦੇ ਖਰੜੇ ਦੇ ਹਰੇਕ ਪਹਿਲੂ ਦਾ ਗੰਭੀਰਤਾ ਨਾਲ ਵਿਸ਼ਲੇਸ਼ਣ ਅਤੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਸ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਆਗਾਮੀ ਦਿਨਾਂ ਵਿੱਚ ਖੇਤੀਬਾੜੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਪਹਿਲੂ ਵਿਚਾਰ ਖੁਣੋ ਨਾ ਰਹਿ ਜਾਵੇ।
ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਕਿਸਾਨਾਂ ਨੂੰ ਇਸ ਖਰੜੇ ਸਬੰਧੀ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ ਦੀ ਅਪੀਲ ਕੀਤੀ।
ਕਿਸਾਨ ਯੂਨੀਅਨਾਂ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ. ਡਾ. ਸਤਨਾਮ ਸਿੰਘ ਅਜਨਾਲਾ ਅਤੇ ਹੋਰ ਆਗੂਆਂ ਨੇ ਇਸ ਨੀਤੀ ਦੀ ਆੜ ਵਿੱਚ ਸੰਭਾਵੀ ਨਿੱਜੀਕਰਨ, ਅਜ਼ਾਰੇਦਾਰੀ ਦੇ ਅਮਲਾਂ ’ਤੇ ਡੂੰਘੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਹ ਨੀਤੀ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਿਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਨੂੰ ਜਵਾਬ ਭੇਜਣ ਤੋਂ ਪਹਿਲਾਂ ਇਸ ਨੀਤੀ ਦੇ ਸਾਰੇ ਪਹਿਲੂਆਂ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਲਈ ਜਾਵੇ ਤਾਂ ਜੋ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
ਇਸ ਉੱਚ ਪੱਧਰੀ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖੇਤੀਬਾੜੀ ਹਰਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੋਜ ਨਿਰਦੇਸ਼ਕ ਡਾ. ਅਜਮੇਰ ਸਿੰਘ ਢੱਟ ਅਤੇ ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।