ਇਸ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸਾ ਪੀੜਤ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦਾ ਇਨਾਮ ਦਿੱਤਾ ਜਾਵੇਗਾ
ਗੁਰਦਾਸਪੁਰ, 20 ਦਸੰਬਰ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫ਼ਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਆਮ ਲੋਕਾਂ ਨੂੰ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਹਿਤ ‘ਫ਼ਰਿਸ਼ਤੇ’ ਸਕੀਮ ਨੂੰ ਸ਼ੁਰੂ ਕੀਤਾ ਹੈ ਜਿਸ ਤਹਿਤ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਨੂੰ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਪੇਚੀਦਗੀਆਂ ਅਤੇ ਪੁਲਿਸ ਪੁੱਛਗਿੱਛ ਤੋਂ ਵੀ ਛੋਟ ਦਿੱਤੀ ਹੁੰਦੀ ਹੈ। ਉਨ੍ਹਾਂ ਕਿਹਾ, ” ਕੋਈ ਵੀ ਵਿਅਕਤੀ ਜੋ ਸਵੈ-ਇੱਛਾ ਨਾਲ ਦੁਰਘਟਨਾ ਪੀੜਤਾਂ ਦੀ ਜਾਨ ਬਚਾਉਣ ਵਿੱਚ ਸਹਾਇਤਾ ਕਰਦਾ ਹੈ, ਨੂੰ ‘ਫ਼ਰਿਸ਼ਤਾ’ ਮੰਨਿਆ ਜਾਵੇਗਾ ਅਤੇ ਉਸ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ”।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸ਼ੁਰੂਆਤ ਤੋਂ ਲੈ ਕੇ, ਇਸ ਸਕੀਮ ਨੇ ਸੜਕ ਹਾਦਸਿਆਂ ਦੇ ਨਤੀਜੇ ਵਜੋਂ ਹੁੰਦੀਆਂ ਮੌਤਾਂ ਦੀ ਦਰ ਨੂੰ ਘਟਾਉਣ ਵਿੱਚ ਆਪਣੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੇ ਹੋਏ, ਲਗਭਗ 223 ਦੁਰਘਟਨਾ ਪੀੜਤਾਂ ਨੂੰ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, ਹੁਣ ਤੱਕ, 66 ”ਫ਼ਰਿਸ਼ਤੇ” ਰਾਜ ਸਿਹਤ ਏਜੰਸੀ ਪੰਜਾਬ ਨਾਲ ਰਜਿਸਟਰ ਹੋਏ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਫ਼ਰਿਸ਼ਤੇ ਸਕੀਮ ਦੇ ਤਹਿਤ, 494 ਹਸਪਤਾਲਾਂ, ਜਿਨ੍ਹਾਂ ਵਿੱਚ 90 ਟਰਸ਼ਰੀ ਦੇਖਭਾਲ ਵਾਲੇ ਹਸਪਤਾਲ ਸ਼ਾਮਲ ਹਨ, ਨੂੰ ਖ਼ਾਸ ਤੌਰ ‘ਤੇ ਰਾਸ਼ਟਰੀ ਅਤੇ ਰਾਜ ਮਾਰਗ/ਸੜਕਾਂ ਦੇ 30 ਕਿੱਲੋਮੀਟਰ ਦੇ ਹਿੱਸੇ ਨੂੰ ਕਵਰ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਗੰਭੀਰ ਸਮੇਂ ਦੌਰਾਨ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਮੈਪਲ ਐਪਲੀਕੇਸ਼ਨ (ਇੱਕ ਮੋਬਾਈਲ ਐਪ) ਨਾਲ ਜੁੜੇ ਹਨ, ਜੋ ਕਿ ਲੋਕਾਂ ਨੂੰ ਨੇੜਲੇ ਸੂਚੀਬੱਧ ਹਸਪਤਾਲ ਵਿੱਚ ਦੀ ਸੁਖਾਲੇ ਢੰਗ ਨਾਲ ਭਾਲ ਕਰਨ ਵਿੱਚ ਮਦਦ ਕਰਦੀ ਹੈ।
ਸ੍ਰੀ ਬਹਿਲ ਨੇ ਕਿਹਾ ਕਿ ਇਹ ਸਕੀਮ ਐਮਰਜੈਂਸੀ ਹੈਲਪ ਲਾਈਨਾਂ 108, 1033, ਅਤੇ 112 ਸੜਕ ਸੁਰੱਖਿਆ ਫੋਰਸ (ਐਸਐਸਐਫ) ਨਾਲ ਵੀ ਜੁੜੀ ਹੋਈ ਹੈ, ਜਿਸ ਤਹਿਤ ਆਈ.ਟੀ. ਪ੍ਰਣਾਲੀਆਂ ਰਾਹੀਂ 30 ਕਿੱਲੋਮੀਟਰ ਦੇ ਘੇਰੇ ਵਿੱਚ ਪੈਂਦੇ ਨੇੜਲੇ ਹਸਪਤਾਲਾਂ ਦਾ ਪਤਾ ਲਗਾਉਣ ਅਤੇ ਸਮਾਂ ਰਹਿੰਦਿਆਂ ਪੀੜਤ ਨੂੰ ਹਸਪਤਾਲ ਪਹੁੰਚਾਉਣ ਦੀ ਸਹੂਲਤ ਉਪਲਬਧ ਹੈ।