Close

Recent Posts

ਪੰਜਾਬ

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਮੁੜ ਵਿਖਾਈ ਫਰਾਖ਼ਦਿਲੀ

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਮੁੜ ਵਿਖਾਈ ਫਰਾਖ਼ਦਿਲੀ
  • PublishedDecember 21, 2024

ਜਾਰਜੀਆ ਹਾਦਸੇ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਔਖੇ ਸਮੇਂ ਫ਼ੜੀ ਬਾਂਹ

ਪੀੜ੍ਹਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਾਂਗੇ : ਡਾ. ਉਬਰਾਏ

ਅੰਮ੍ਰਿਤਸਰ,21 ਦਸੰਬਰ 2024 (ਦੀ ਪੰਜਾਬ ਵਾਇਰ)। ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹਦਿਲੀ ਕਾਰਨ ਪੂਰੀ ਦੁਨੀਆਂ ਅੰਦਰ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਉਬਰਾਏ ਵੱਲੋਂ ਅੱਗੇ ਆ ਕੇ ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 12 ਲੋਕਾਂ ‘ਚ ਸ਼ਾਮਿਲ 11 ਪੰਜਾਬੀ ਨੌਜਵਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉੱਘੇ ਸਮਾਜ ਸੇਵੀ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ‘ਚ ਰਹਿ ਕੇ ਜਾਰਜੀਆ ਹਾਦਸੇ ਵਿਚ ਜਾਨ ਗਵਾਉਣ ਵਾਲੇ ਪੰਜਾਬੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਉਣ ਸਬੰਧੀ ਸਮੁੱਚੀ ਜਾਣਕਾਰੀ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਸਬੰਧਿਤ ਮੰਤਰਾਲੇ ਵੱਲੋਂ ਜਲਦ ਹੀ ਉਕਤ ਮਿਤ੍ਰਕ ਸਰੀਰ ਭਾਰਤ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਮਿਤ੍ਰਕ ਸਰੀਰ ਲਿਆਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਇਸ ਸਬੰਧੀ ਵੀ ਆਪਣੀਆਂ ਸੇਵਾਵਾਂ ਦੇਣ ਨੂੰ ਤਿਆਰ ਹਨ।

ਡਾ. ਐਸ. ਪੀ. ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਉਨ੍ਹਾਂ ਆਪਣੀਆਂ ਜ਼ਿਲ੍ਹਾ ਟੀਮਾਂ ਰਾਹੀਂ ਜਾਰਜੀਆ ਹਾਦਸੇ ਦੇ ਪੀੜ੍ਹਤ ਪਰਿਵਾਰਾਂ ਨਾਲ ਰਾਬਤਾ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਉਨ੍ਹਾਂ ਦੇ ਦੁੱਖ ‘ਚ ਸ਼ਰੀਕ ਹੁੰਦਿਆਂ ਜਿਥੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਉੱਥੇ ਹੀ ਟੀਮਾਂ ਵੱਲੋਂ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਬਾਰੇ ਸਾਰੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਨਵੇਂ ਬਣਾਉਣ ਜਾਂ ਮੁਰੰਮਤ ਆਦਿ ਕਰਨ ਲਈ ਮਦਦ ਕੀਤੀ ਜਾਵੇਗੀ।

Written By
The Punjab Wire