ਗੁਰਦਾਸਪੁਰ, 21 ਦਿਸੰਬਰ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਨਗਰ ਕੌਂਸਲ ਦੇ ਵਾਰਡ ਨੰਬਰ 16 ਤੋਂ ਹੋਈ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਵਰੁਣ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਬੇਦੀ ਨੂੰ 22 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਕਾਂਗਰਸੀ ਉਮੀਦਵਾਰ ਦੇ ਜਿੱਤਦੇ ਹੀ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਖੁਸ਼ੀ ਦੀ ਘੜੀ ‘ਚ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖੁਦ ਵੀ ਮੌਜੂਦ ਸਨ। ਜਿਨ੍ਹਾਂ ਨੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਤੋਂ ਬਾਅਦ ਸ਼ਹਿਰ ਵਿੱਚ ਜਿੱਤ ਮਾਰਚ ਵੀ ਕੱਢਿਆ ਗਿਆ।
ਨੋਟ ਕਰਨ ਵਾਲੀ ਗੱਲ ਇਹ ਹੈ ਕਿ ਵੋਟਿੰਗ ਸਵੇਰੇ ਸੱਤ ਵਜੇ ਸ਼ੁਰੂ ਹੋਈ ਅਤੇ ਸ਼ਾਮ ਚਾਰ ਵਜੇ ਖ਼ਤਮ ਹੋਈ। 1541 ਵੋਟਰਾਂ ਵੱਲੋਂ 65.93 ਫੀਸਦੀ ਵੋਟਿੰਗ ਹੋਈ। ਵੋਟਿੰਗ ਦੇ ਕੰਮ ਖਤਮ ਹੋਣ ਤੋਂ ਬਾਅਦ ਗਿਣਤੀ ਸ਼ੁਰੂ ਹੋ ਗਈ। ਵਰੁਣ ਸ਼ਰਮਾ ਨੂੰ ਕੁੱਲ 519 ਵੋਟਾਂ ਮਿਲੀਆਂ, ਜਦਕਿ ਵਿਰੋਧੀ ਉਮੀਦਵਾਰ ਹਰਦੀਪ ਸਿੰਘ ਬੇਦੀ ਨੂੰ 497 ਵੋਟਾਂ ਮਿਲੀਆਂ। ਇਸ ਤੋਂ ਬਾਅਦ ਵਰੁਣ ਸ਼ਰਮਾ 22 ਵੋਟਾਂ ਦੇ ਫਰਕ ਨਾਲ ਜੇਤੂ ਰਹੇ।