ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ
ਗੁਰਦਾਸਪੁਰ, 27 ਦਸੰਬਰ 2024 (ਦੀ ਪੰਜਾਬ ਵਾਇਰ ) । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਾਲ 2024 ਦੌਰਾਨ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਹੈ ਓਥੇ ਨਾਲ ਹੀ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟਰੇਨਿੰਗ ਦਿਵਾਉਣ ਦੇ ਨਾਲ ਸਕੂਲਾਂ ਵਿੱਚ ਬੇਹਤਰ ਸਿੱਖਿਆ ਦਾ ਮਾਹੌਲ ਸਿਰਜਿਆ ਹੈ।
ਸਾਲ 2024 ਦੌਰਾਨ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਪਾਈਆਂ ਨਵੀਆਂ ਪੈੜ੍ਹਾਂ ਦਾ ਜਿਕਰ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਹਨਾਂ ਵਿੱਚ ਸਭ ਤੋਂ ਪਹਿਲਾਂ ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿਖੇ 200 ਤੋਂ ਵੱਧ ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਟ੍ਰੇਨਿੰਗ ਦੁਆਈ ਗਈ।
ਇਸੇ ਤਰ੍ਹਾਂ 150 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸ਼ਮੂਲੀਅਤ ਆਦਿ ਵਿਸ਼ਿਆ ‘ਤੇ ਸਿਖਲਾਈ ਦੁਆਈ ਗਈ। ਟ੍ਰੇਨਿੰਗ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਅੱਗੇ ਵਧਦਿਆਂ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਬੀ.ਪੀ.ਈ.ਓ., ਸੀ.ਐਚ.ਟੀ., ਐਚ. ਟੀ. ਅਤੇ ਈ.ਟੀ.ਟੀ. ਦੇ ਕੁੱਲ 72 ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ (ਫਿਨਲੈਂਡ) ਵਿਖੇ ਵਿਸ਼ੇਸ਼ ਸਿਲਖਾਈ ਕਰਵਾਈ ਗਈ।
ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਲਗਭਗ 82 ਕਰੋੜ ਰੁਪਏ ਜਾਰੀ ਕੀਤੇ ਗਏ। ਜਿਸ ਰਾਹੀਂ 1689 ਕੈਂਪਸ ਮੈਨੇਜਰਾਂ, 689 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 1265 ਸੁਰੱਖਿਆ ਗਾਰਡ (652 ਸੀਨੀਅਰ ਸੈਕੰਡਰੀ ਸਕੂਲ ਅਤੇ 37 ਹਾਈ ਸਕੂਲ, ਪ੍ਰਤੀ ਸਕੂਲ-2) ਨੂੰ ਵੀ ਪੈਸਕੋ ਰਾਹੀਂ ਭਰਤੀ ਕੀਤੇ ਗਏ। ਇਸ ਤੋਂ ਇਲਾਵਾ 8286 ਸਕੂਲਾਂ ਵਿੱਚ ਸਫਾਈ ਕਰਮਚਾਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 1734 ਚੌਕੀਦਾਰਾਂ ਦੀ ਭਰਤੀ ਕੀਤੀ ਗਈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੁੱਲ 118 ਸਰਕਾਰੀ ਸਕੂਲਾਂ ਨੂੰ ਸਟੇਟ ਆਫ਼ ਆਰਟ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਕੀਤਾ ਕਰਨ ਤੋਂ ਇਲਾਵਾ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈਫਾਈ ਇੰਟਰਨੈਟ ਕਨੈਕਸ਼ਨਾਂ ਲਈ 29.3 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਵਿੱਚ ਪਖਾਨੇ, ਵਾਧੂ ਕਲਾਸ ਰੂਮ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਦੇ ਨਿਰਮਾਣ ਲਈ 120.43 ਕਰੋੜ ਮੁਹੱਈਆ ਕਰਵਾਇਆ ਗਿਆ ਹੈ। ਰਾਜ ਸਰਕਾਰ ਵੱਲੋਂ ਕਲਾਸਰੂਮ, ਪ੍ਰਯੋਗਸ਼ਾਲਾਵਾਂ ਲਈ ਵੀ 93.48 ਕਰੋੜ ਮੁਹਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਾਲ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਅਤੇ ਕਿਤਾਬਾਂ ਸੈਸ਼ਨ ਸ਼ੁਰੂ ਹੁੰਦੇ ਸਾਰ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਸਨ। ਵਿਦਿਆਰਥੀਆਂ ਦੇ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਨੂੰ ਯਕੀਨੀ ਬਣਾਉਣ ਲਈ ਗ੍ਰੇਡ ਪੱਧਰੀ ਕੰਪੀਟੈਂਸੀ ਵਿੱਚ ਕੁਸ਼ਲ ਕਰਨ ਲਈ ਸੀ.ਈ.ਪੀ., ਮਿਸ਼ਨ ਸਮਰੱਥ ਅਤੇ ਮਿਸ਼ਨ ਆਰੰਭ ਵਰਗੇ ਸ਼ੁਰੂ ਕਰਨ ਤੋਂ ਇਲਾਵਾ ਮੈਗਾ ਪੀ.ਟੀ.ਐਮ. ਵਰਗੇ ਉਪਰਾਲਿਆਂ ਨਾਲ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਨ ਲਈ ਆਪ ਦੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।