ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ : ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 28 ਦਸੰਬਰ 2024 (ਦੀ ਪੰਜਾਬ ਵਾਇਰ)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਆਪਣੇ ਗ੍ਰਹਿ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ। ਇਸ ਲੋਕ ਮਿਲਣੀ ਮੌਕੇ ਵਿਧਾਨ ਸਭਾ ਹਲਕਾ ਕਾਦੀਆਂ ਸਮੇਤ ਸਮੁੱਚੇ ਜ਼ਿਲ੍ਹੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਸ਼ਹਿਰਾਂ, ਪਿੰਡਾਂ, ਗਲੀ, ਮੁਹੱਲਿਆਂ ਤੇ ਇਲਾਕੇ ਦੀਆਂ ਮੁਸ਼ਕਲਾਂ ਤੋਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੂੰ ਜਾਣੂ ਕਰਵਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਅੱਜ ਦੀ ਲੋਕ ਮਿਲਣੀ ਦੌਰਾਨ ਲੋਕਾਂ ਨੇ ਜਿੱਥੇ ਆਪਣੀਆਂ ਨਿੱਜੀ ਸਮੱਸਿਆਵਾਂ/ਕੰਮ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੂੰ ਦੱਸੇ ਓਥੇ ਹਲਕੇ ਦੇ ਲੋਕਾਂ ਨੇ ਆਪਣੇ ਪਿੰਡਾਂ ਦੇ ਵਿਕਾਸ ਸਬੰਧੀ ਮਸਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਸ. ਜਗਰੂਪ ਸਿੰਘ ਸੇਖਵਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਇੱਕ-ਇੱਕ ਕਰਕੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤੋਂ ਸੂਬਾ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹਨ।