ਨਵੇਂ ਵਰ੍ਹੇ ਦੀ ਖ਼ੁਸ਼ੀ ਵਿੱਚ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ
ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਖ਼ੂਨਦਾਨ ਕੈਂਪ ਦਾ ਵੀ ਆਯੋਜਿਨ
ਗੁਰਦਾਸਪੁਰ, 01 ਜਨਵਰੀ 2024 ( ਦੀ ਪੰਜਾਬ ਵਾਇਰ) । ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦੀ ਖ਼ੁਸ਼ੀ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ, ਗੁਰਦਾਸਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਇੱਕ ਵਿਸ਼ੇਸ਼ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿੱਥੇ ਪਟਵਾਰੀਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ।
ਇਸ ਮੌਕੇ ਐੱਸ.ਡੀ.ਐੱਮ ਗੁਰਦਾਸਪੁਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸਕਰਨ ਸਿੰਘ, ਤਹਿਸੀਲਦਾਰ ਰਤਨਜੀਤ ਸਿੰਘ ਖੁੱਲਰ, ਦਵਿੰਦਰ ਸਿੰਘ ਰੰਧਾਵਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹਰਸਿਮਰਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਦੇ ਪ੍ਰਧਾਨ ਵਰਿਆਮ ਸਿੰਘ, ਪਰਮਿੰਦਰ ਸਿੰਘ ਬਾਠ, ਸੁਰਿੰਦਰ ਸਿੰਘ, ਦੀਪਮ ਸਿੰਘ, ਗੁਲਾਬ ਸਿੰਘ, ਜਸਕਰਨ ਸਿੰਘ, ਕਾਕਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਤਬੀਰ ਸਿੰਘ, ਗੁਰਪਾਲ ਸਿੰਘ, ਮਨਜੀਤ ਸਿੰਘ, ਕਾਨੂੰਗੋ ਐਸੋਸੀਏਸ਼ਨ ਵੱਲੋਂ ਸੁਰਜੀਤ ਸਿੰਘ ਸੈਣੀ, ਸਤਵਿੰਦਰ ਸਿੰਘ ਸੈਣੀ, ਮਨਦੀਪ ਕੁਮਾਰ, ਅਸ਼ੋਕ ਕੁਮਾਰ ਆਦਿ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਐੱਸ.ਡੀ.ਐੱਮ ਗੁਰਦਾਸਪੁਰ ਡਾ. ਕਰਮਜੀਤ ਸਿੰਘ ਨੇ ਕਾਮਨਾ ਕੀਤੀ ਕਿ ਇਹ ਨਵਾਂ ਵਰ੍ਹਾ ਹਰ ਕਿਸੇ ਲਈ ਖ਼ੁਸ਼ੀਆਂ, ਖੇੜੇ, ਤੰਦਰੁਸਤੀ, ਤਰੱਕੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਮਾਲ ਵਿਭਾਗ ਦੇ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਪਾਰਦਰਸ਼ਤਾ, ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਅਤੇ ਲੋਕਾਂ ਦੇ ਕੰਮਾਂ ਨੂੰ ਮੈਰਿਟ ਦੇ ਅਧਾਰ ‘ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਵੇਂ ਵਰ੍ਹੇ ਗੁੱਡ ਗਵਰਨੈਂਸ ਤਹਿਤ ਆਪਣੀ ਡਿਊਟੀ ਨੂੰ ਹੋਰ ਸਮਰਪਿਤ ਹੋ ਕੇ ਕੀਤਾ ਜਾਵੇ।