ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈੱਸਟ ਮੁਫ਼ਤ ਉਪਲਬਧ – ਰਮਨ ਬਹਿਲ
ਗੁਰਦਾਸਪੁਰ, 2 ਜਨਵਰੀ 2024 ( ਦੀ ਪੰਜਾਬ ਵਾਇਰ) । ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੇ ਸਾਲ ਸਿਹਤ ਵਿਭਾਗ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ ‘ਆਮ ਆਦਮੀ ਕਲੀਨਿਕ’ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਇਹਨਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 881 ਹੋ ਗਈ ਹੈ। ਇਨ੍ਹਾਂ 881 ਆਮ ਆਦਮੀ ਕਲੀਨਿਕ ਵਿੱਚੋਂ 316 ਸ਼ਹਿਰੀ ਖੇਤਰਾਂ ਵਿੱਚ ਜਦਕਿ 565 ਕਲੀਨਿਕ ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ 881 ਆਮ ਆਦਮੀ ਕਲੀਨਿਕਾਂ ਵਿਚੋਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਿਹਤ ਸੇਵਾਵਾਂ ਦੇ ਰਹੇ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈੱਸਟ ਮੁਫ਼ਤ ਉਪਲਬਧ ਹਨ। ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਹਤ ਸੰਭਾਲ ‘ਤੇ ਆਉਣ ਵਾਲੇ ਖ਼ਰਚੇ ਨੂੰ 1200 ਕਰੋੜ ਰੁਪਏ ਤੱਕ ਘਟਾਉਣ ਵਿੱਚ ਯੋਗਦਾਨ ਪਾਇਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਵਿਆਪਕ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ 3134 ਸਿਹਤ ਅਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਨਵਾਂ ਸਟਾਫ਼ ਭਾਵ ਕਮਿਊਨਿਟੀ ਹੈਲਥ ਅਫ਼ਸਰ ਵੀ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੈਕੰਡਰੀ ਸਿਹਤ ਸਹੂਲਤਾਂ ਵਿੱਚ ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐੱਲ.) ਅਧੀਨ ਆਉਂਦੀਆਂ ਸਾਰੀਆਂ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਜਨਵਰੀ 2024 ਵਿੱਚ ਫ਼ਰੀ ਡਰੱਗ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ। ਸਥਾਨਕ ਪੱਧਰ ‘ਤੇ ਸਿਵਲ ਸਰਜਨਾਂ ਅਤੇ ਐੱਸ.ਐੱਮ.ਓਜ਼ ਨੂੰ ਈ.ਡੀ.ਐੱਲ. ਤੋਂ ਬਾਹਰ ਵਾਲੀਆਂ ਦਵਾਈਆਂ ਜਾਂ ਕਿਸੇ ਖ਼ਾਸ ਦਵਾਈਆਂ ਦੀ ਘਾਟ ਹੋਣ ਦੀ ਸੂਰਤ ਵਿੱਚ ਇਹਨਾਂ ਦੀ ਖ਼ਰੀਦ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਦਾ ਖੇਤਰ ਪੰਜਾਬ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਨਵੇਂ ਸਾਲ ਵਿੱਚ ਵੀ ਸਿਹਤ ਵਿਭਾਗ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।