Close

Recent Posts

ਹੋਰ ਕ੍ਰਾਇਮ ਪੰਜਾਬ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • PublishedJanuary 2, 2025

ਚੰਡੀਗੜ੍ਹ, 2 ਜਨਵਰੀ, 2025 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire