ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਅਧਿਕਾਰੀਆਂ ਨੂੰ ਮੁਕੰਮਲ ਹੋਏ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਜਾਰੀ
ਇਸ ਸਾਲ ਵੀ ਡੀ.ਐੱਮ.ਐੱਫ਼. ਤਹਿਤ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਜਾਣਗੇ ਨਵੇਂ ਪ੍ਰੋਜੈਕਟ
ਗੁਰਦਾਸਪੁਰ, 08 ਜਨਵਰੀ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐੱਮ.ਐੱਫ਼.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਆਈ.ਏ.ਐੱਸ., ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐਕਸੀਅਨ ਮਾਈਨਿੰਗ ਸ੍ਰੀ ਦਿਲਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਈਨਿੰਗ ਵਿਭਾਗ ਵੱਲੋਂ ਜਿਨ੍ਹਾਂ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਫ਼ੰਡ ਜਾਰੀ ਕੀਤੇ ਗਏ ਸਨ, ਉਨ੍ਹਾਂ ਵਿਚੋਂ ਜੋ ਪ੍ਰੋਜੈਕਟ ਮੁਕੰਮਲ ਹੋ ਗਏ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫ਼ਤੇ ਦੇ ਅੰਦਰ ਜਮ੍ਹਾਂ ਕਰਵਾਏ ਜਾਣ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਸਕੀਮ ਤਹਿਤ ਜ਼ਿਲ੍ਹਾ ਖੇਡ ਕੰਪਲੈਕਸ ਗੁਰਦਾਸਪੁਰ ਵਿਖੇ ਬਾਸਕਟਬਾਲ ਗਰਾਊਂਡ ਤਿਆਰ ਕਰਨ, ਜ਼ਿਲ੍ਹਾ ਲਾਇਬ੍ਰੇਰੀ ਦਾ ਰੈਨੋਵੇਸ਼ਨ ਪ੍ਰੋਜੈਕਟ, ਖੇਡ ਸਟੇਡੀਅਮ ਹਰਪੁਰਾ-ਧੰਦੋਈ ਦੀ ਤਿਆਰੀ ਸਬੰਧੀ, ਬਿਆਨਪੁਰ ਵਿਖੇ ਅੰਤਰਰਾਜੀ ਨਾਕੇ ਦੇ ਬੁਨਿਆਦੀ ਢਾਂਚੇ ਸਬੰਧੀ ਤੋਂ ਇਲਾਵਾ ਹੋਰ ਪ੍ਰੋਜੈਕਟਾਂ ਬਾਰੇ ਵੀ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਨੂੰ ਪਿੰਡ ਸ਼ਹੂਰ ਕਲਾਂ ਵਿਖੇ ਵਾਲੀਬਾਲ ਦਾ ਖੇਡ ਮੈਦਾਨ ਤਿਆਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੀ.ਐੱਮ.ਐੱਫ਼ ਤਹਿਤ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਲੋਕਾਂ ਨੂੰ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਡੀ.ਐੱਮ.ਐੱਫ ਤਹਿਤ ਜ਼ਿਲ੍ਹੇ ਵਿੱਚ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਮੰਗ ਅਤੇ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਜੋ ਪ੍ਰੋਜੈਕਟ ਲੋੜੀਂਦੇ ਹਨ ਉਨ੍ਹਾਂ ਦੀ ਪ੍ਰੋਜੈਕਟ ਰੀਪੋਰਟ ਬਣਾ ਕੇ ਦਿੱਤੀ ਜਾਵੇ ਤਾਂ ਜੋ ਲੋਕ ਹਿਤ ਦੇ ਉਨ੍ਹਾਂ ਪ੍ਰੋਜੈਕਟਾਂ ਨੂੰ ਵੀ ਹਕੀਕੀ ਰੂਪ ਦਿੱਤਾ ਜਾ ਸਕੇ।