21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ – ਡਿਪਟੀ ਕਮਿਸ਼ਨਰ
ਜਾਗਰੂਕਤਾ ਕੈਂਪ ਦੌਰਾਨ ਸਿਹਤ ਜਾਂਚ ਤੋਂ ਇਲਾਵਾ ਔਰਤਾਂ ਲਈ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ
ਗੁਰਦਾਸਪੁਰ, 10 ਜਨਵਰੀ 2025 ( ਦੀ ਪੰਜਾਬ ਵਾਇਰ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ। ਇਸ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਜਿੰਦਰ ਕੌਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪ੍ਰਸ਼ੋਤਮ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ 21 ਜਨਵਰੀ ਨੂੰ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਮਾਹਿਰ ਡਾਕਟਰਾਂ ਵੱਲੋਂ ਕੈਂਸਰ ਸਕਰੀਨਿੰਗ, ਬਲੱਡ ਪ੍ਰੈਸ਼ਰ, ਸ਼ੂਗਰ ਦੇ ਟੈੱਸਟ, ਅਨੀਮੀਆ, ਐੱਚ.ਵੀ. ਚੈੱਕਅਪ ਕਰਕੇ ਮੁਫ਼ਤ ਦਵਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਔਰਤਾਂ ਨਾਲ ਸਬੰਧਿਤ ਹੋਰ ਰੋਗਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਆਯੁਰਵੈਦਿਕ ਵਿਭਾਗ ਵੱਲੋਂ ਯੋਗਾ ਦੇ ਫ਼ਾਇਦਿਆਂ ਬਾਰੇ ਦੱਸਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਜ਼ਿਲ੍ਹਾ ਰੋਜ਼ਗਾਰ ਤੇ ਉਤਪਤੀ ਵਿਭਾਗ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਲੜਕੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਨਾਲ ਸਬੰਧਿਤ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਵਿਭਾਗ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸੈਲਫੀ ਕਾਰਨਰ ਵੀ ਸਥਾਪਿਤ ਕੀਤਾ ਜਾਵੇਗਾ। ਪੰਚਾਇਤ ਵਿਭਾਗ ਵੱਲੋਂ ਕੈਂਪ ਦੌਰਾਨ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਜਾਂਦੇ ਸਮਾਨ ਦੇ ਸਟਾਲ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਭਲਾਈ ਵਿਭਾਗ, ਲੀਡ ਬੈਂਕ ਮੈਨੇਜਰ ਵੱਲੋਂ ਵੀ ਆਪਣੇ ਸਟਾਲ ਲਗਾ ਕੇ ਔਰਤਾਂ ਨਾਲ ਸਬੰਧਿਤ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸਾਰੇ ਹੀ ਵਿਭਾਗ ਇਸ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦੀ ਸਫਲਤਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਤਹਿਸੀਲ ਪੱਧਰ ‘ਤੇ ਵੀ ਕੈਂਪ ਲਗਾਏ ਜਾਣਗੇ।