ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਚਲਾਏਗਾ ਵਿਸ਼ੇਸ਼ ਨਸ਼ਾ ਮੁਕਤੀ ਅਭਿਆਨ – ਡਿਪਟੀ ਕਮਿਸ਼ਨਰ
ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ
ਡਿਪਟੀ ਕਮਿਸ਼ਨਰ ਵੱਲੋਂ ਓਟ ਸੈਂਟਰਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਦੀ ਚੈਕਿੰਗ ਕਰਨ ਦੇ ਆਦੇਸ਼
ਗੁਰਦਾਸਪੁਰ, 10 ਜਨਵਰੀ 2025 (ਦੀ ਪੰਜਾਬ ਵਾਇਰ) । ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਜਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਰਾਜੀਵ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਪਰਮਜੀਤ ਕੌਰ, ਸਮਾਜ ਸੇਵੀ ਰੋਮੇਸ਼ ਮਹਾਜਨ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਨਸ਼ਾ ਮੁਕਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਬਚ ਕੇ ਆਪਣਾ ਚੰਗਾ ਭਵਿੱਖ ਬਣਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਜਾਗਰੂਕ ਕੀਤਾ ਜਾਵੇਗਾ। ਸਕੂਲਾਂ, ਕਾਲਜਾਂ ਵਿੱਚ ਵਿਦਿਆਰਥੀਆਂ ਦੇ ਨਸ਼ਾ ਵਿਰੋਧੀ ਕਲੱਬ ਬਣਾਏ ਜਾਣਗੇ। ਇਸ ਤੋਂ ਇਲਾਵਾ ਕੌਂਸਲਰਾਂ ਵੱਲੋਂ ਨੌਜਵਾਨਾਂ ਦੀ ਵਿਸ਼ੇਸ਼ ਕੌਂਸਲਿੰਗ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਇੱਕ ਹਫ਼ਤੇ ਵਿੱਚ ਉਨ੍ਹਾਂ ਨੂੰ ਰਿਪੋਰਟ ਪੇਸ਼ ਕੀਤੀ ਜਾਵੇ ਕਿ ਜ਼ਿਲ੍ਹੇ ਵਿੱਚ ਕਿਸੇ ਸਕੂਲ ਦੇ 100 ਮੀਟਰ ਦੇ ਘੇਰੇ ਵਿੱਚ ਕੋਈ ਸਿਗਰਟ/ਤੰਬਾਕੂ ਵੇਚਣ ਵਾਲੀ ਦੁਕਾਨ ਜਾਂ ਖੋਖਾ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਗਰਟ/ਤੰਬਾਕੂ ਵੇਚਣ ਵਾਲਾ ਕੋਈ ਦੁਕਾਨ ਜਾਂ ਖੋਖਾ ਪਾਇਆ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦੇ ਹੋਏ ਤੁਰੰਤ ਉਸ ਨੂੰ ਹਟਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਸੈਂਟਰਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਦਾ ਲਗਾਤਾਰ ਨਿਰੀਖਣ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਸਾਰੇ ਸੈਂਟਰ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਹੀ ਚੱਲਦੇ ਹੋਣ। ਇਸ ਤੋਂ ਇਲਾਵਾ ਉਨ੍ਹਾਂ ਨੇ ਮੈਡੀਕਲ ਸਟੋਰਾਂ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਕੋਈ ਵੀ ਮੈਡੀਕਲ ਸਟੋਰ ਪਾਬੰਦੀਸ਼ੁਦਾ ਦਵਾਈਆਂ ਦੀ ਵਿੱਕਰੀ ਨਾ ਕਰ ਸਕੇ।
ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਦੇ ਖ਼ਾਤਮੇ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਉੱਪਰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕਰਦੇ ਬੋਰਡ ਲਗਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਉਹ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰਨ।