ਡੀ.ਸੀ ਅਤੇ ਐਸ.ਐਸ.ਪੀ ਵੱਲੋਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਸਮਾਗਮ ਸਥਲ ਦਾ ਕੀਤਾ ਦੌਰਾ, ਤਿਆਰੀਆਂ ਦਾ ਲਿਆ ਜਾਇਜਾ
ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼
ਗੁਰਦਾਸਪੁਰ, 17 ਜਨਵਰੀ ( ਦੀ ਪੰਜਾਬ ਵਾਇਰ)—26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸਬੰਧ ਵਿੱਚ ਡੀ.ਸੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਅਤੇ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲ਼ੋਂ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ ਚੱਲ ਰਹੀ ਤਿਆਰੀਆਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਤੇ ਗਰਾਉੰਡ ਦੇ ਹਰ ਕੋਨੇ ਦੀ ਚੈਕਿੰਗ ਕੀਤੀ ਗਈ। ਇਸਦੇ ਨਾਲ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਡੀ.ਸੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਬੜੀ ਧੂਮਧਾਮ ਨਾਲ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਕੌਮੀ ਤਿਉਹਾਰ ਮੌਕੇ ਸ਼ਹਿਰਾਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ ਹੋਣਗੇ, ਜਿਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਨੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਸਖਤ ਕੀਤੇ ਜਾਣ। ਡਿਊਟੀ ਵਿੱਚ ਕੁਤਾਹੀ ਕਦੇ ਵੀ ਸਹਿਣ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਦਿਆਂ ਪਾਇਆ ਗਿਆ ਤੇ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।