ਗੁਰਦਾਸਪੁਰ

ਜ਼ਿਲ੍ਹਾ ਪ੍ਰਸ਼ਾਸਨ ਨੇ ਵੀ.ਵੀ. ਐਸੋਸੀਏਟ ਦੀ ਪਿੰਡ ਹੇਮਰਾਜਪੁਰ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਵੱਡੀ ਕਾਰਵਾਈ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਨੇ ਵੀ.ਵੀ. ਐਸੋਸੀਏਟ ਦੀ ਪਿੰਡ ਹੇਮਰਾਜਪੁਰ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਵੱਡੀ ਕਾਰਵਾਈ ਕੀਤੀ
  • PublishedJanuary 18, 2025

ਵੀ.ਵੀ. ਐਸੋਸੀਏਟ ਦੀ ਅਣ-ਅਧਿਕਾਰਤ ਕਾਲੋਨੀ `ਤੇ ਕਾਰਵਾਈ ਕਰਦਿਆਂ ਉਸਨੂੰ ਢਾਹਿਆ

ਗੁਰਦਾਸਪੁਰ, 18 ਜਨਵਰੀ 2025 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਨਗਰ ਯੋਜਨਾਕਾਰ ਰੀਤਿਕਾ ਅਰੋੜਾ, ਸਹਾਇਕ ਨਗਰ ਯੋਜਨਾਕਾਰ ਪੁਨੀਤ ਡੀਗਰਾ, ਜੂਨੀਅਰ ਇੰਜੀਨੀਅਰ ਦਵਿੰਦਰਪਾਲ ਸਿੰਘ, ਡਿਊਟੀ ਮੈਜਿਸਟਰੇਟ ਤੇ ਨਾਇਬ ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੱਲੋਂ ਬੀਤੇ ਕੱਲ ਵੱਡੀ ਕਾਰਵਾਈ ਕਰਦਿਆਂ ਵੀ.ਵੀ. ਐਸੋਸੀਏਟ ਦੀ ਪਿੰਡ ਹੇਮਰਾਜਪੁਰ ਵਿਖੇ ਪਾਪਰਾ ਐਕਟ 1995 ਦੀ ਉਲੰਘਣਾਂ ਕਰਦੇ ਹੋਏ ਹੋਂਦ ਵਿੱਚ ਲਿਆਂਦੀ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ।

ਜ਼ਿਲ੍ਹਾ ਨਗਰ ਯੋਜਨਾਕਾਰ ਰੀਤਿਕਾ ਅਰੋੜਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਹੇਮਰਾਜਪੁਰ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਜ਼ਿਲ੍ਹਾ ਨਗਰ ਯੋਜਨਾਕਾਰ ਰੀਤਿਕਾ ਅਰੋੜਾ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਮੰਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।

ਜ਼ਿਲ੍ਹਾ ਨਗਰ ਯੋਜਨਾਕਾਰ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ਪ੍ਰਮੋਟਰ ਬਿਨ੍ਹਾਂ ਵਿਭਾਗ ਦੀ ਪ੍ਰਵਾਨਗੀ ਲਏ ਕੋਈ ਵੀ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Written By
The Punjab Wire