ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਸੁਵਾਣੀਆਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਸਹਾਇਕ ਕਿੱਤੇ ਸ਼ੁਰੂ ਕਰਨ ਦਾ ਸੱਦਾ ਦਿੱਤਾ
ਗੁਰਦਾਸਪੁਰ, 21 ਜਨਵਰੀ 2025 (ਦੀ ਪੰਜਾਬ ਵਾਇਰ )। ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਥਾਨਿਕ ਜਮਨੇਜ਼ੀਅਮ ਹਾਲ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕੀਤੀ ਜਦਕਿ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਇਸ ਕੈਂਪ ਵਿੱਚ ਲੜਕੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੀ ਅਗਵਾਈ ਹੇਠ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਪਹੁੰਚੇ ਹੋਏ ਸਨ, ਜਿਨ੍ਹਾਂ ਵੱਲੋਂ ਰੁਜ਼ਗਾਰ ਹਾਸਲ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਰਜਿਸਟਰਡ ਕੀਤਾ ਗਿਆ। ਕੈਂਪ ਦੌਰਾਨ ਪੇਂਡੂ ਵਿਕਾਸ ਵਿਭਾਗ ਦੇ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਵੀ ਆਪਣੇ ਸਟਾਲ ਲਗਾਏ ਗਏ। ਇਸ ਤੋਂ ਇਲਾਵਾ ਸਖੀ ਵਨ ਸਟਾਪ ਸੈਂਟਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਆਸ਼ੀਰਵਾਦ ਸਕੀਮ, ਸੁਕੰਨਿਆ ਸਮਰਿਧੀ ਸਕੀਮ ਦੇ ਸਟਾਲ ਲਗਾ ਕੇ ਆਪਣੀਆਂ ਸਕੀਮਾਂ ਬਾਰੇ ਔਰਤਾਂ ਨੂੰ ਦੱਸਿਆ ਗਿਆ। ਕੈਂਪ ਦੌਰਾਨ ਸੀ.ਐੱਮ. ਦੀ ਯੋਗਸ਼ਾਲਾ ਦੇ ਸੰਚਾਲਕਾਂ ਵੱਲੋਂ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਯੋਗ ਆਸਣਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਦਾ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਕੋਸ਼ਿਸ਼ ਹੈ ਕਿ ਸਾਡੀਆਂ ਧੀਆਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੇ ਯਤਨਾਂ ਸਦਕਾ ਲੜਕੀਆਂ ਪ੍ਰਤੀ ਲੋਕਾਂ ਦੀ ਸੋਚ ਵਿੱਚ ਹਾਂ-ਪੱਖੀ ਬਦਲਾਅ ਵੀ ਆਇਆ ਹੈ ਅਤੇ ਪਿਛਲੇ ਸਮੇਂ ਵਿੱਚ ਸਾਡੇ ਜ਼ਿਲ੍ਹੇ ਦੀਆਂ ਧੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੀਆਂ ਹੋਣਹਾਰ ਧੀਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪਿੰਕ ਵਾਲ ਆਫ਼ ਫੇਮ’ ਵੀ ਸਥਾਪਿਤ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਨੇ ਪੇਂਡੂ ਸਵਾਣੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਸਵੈ-ਸਹਾਇਤਾ ਸਮੂਹ ਬਣਾ ਕੇ ਆਪਣੇ ਕਿੱਤੇ ਸ਼ੁਰੂ ਕਰਨ, ਇਸ ਲਈ ਸਰਕਾਰ ਵੱਲੋਂ ਉਨ੍ਹਾਂ ਦੀ ਵਿੱਤੀ ਸਹਾਇਤਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਵੱਲੋਂ ਹਰੇਕ ਸਟਾਲ ਉੱਪਰ ਜਾ ਕੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ, ਸੀ.ਡੀ.ਪੀ.ਓ. ਵਰਿੰਦਰ ਸਿੰਘ ਗਿੱਲ, ਸ. ਸੁੱਚਾ ਸਿੰਘ ਮੁਲਤਾਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਸੀ.ਡੀ.ਪੀ.ਓਜ਼, ਸੁਪਰਵਾਈਜ਼ਰ ਤੇ ਆਂਗਨਵਾੜੀ ਵਰਕਰ ਵੀ ਹਾਜ਼ਰ ਸਨ।