Close

Recent Posts

ਗੁਰਦਾਸਪੁਰ

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ‘ਮਿਸ਼ਨ ਨਿਸ਼ਚੈ’ ਤਹਿਤ ‘ਮੈਂ ਹਾਂ ਪੰਜਾਬ’ ਦੇ ਬੈਨਰ ਹੇਠ ਵਾਲੀਬਾਲ ਮੈਚ ਅਤੇ ਵਾਕਾਥੌਨ ਦਾ ਆਯੋਜਨ ਕੀਤਾ

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ‘ਮਿਸ਼ਨ ਨਿਸ਼ਚੈ’ ਤਹਿਤ ‘ਮੈਂ ਹਾਂ ਪੰਜਾਬ’ ਦੇ ਬੈਨਰ ਹੇਠ ਵਾਲੀਬਾਲ ਮੈਚ ਅਤੇ ਵਾਕਾਥੌਨ ਦਾ ਆਯੋਜਨ ਕੀਤਾ
  • PublishedJanuary 21, 2025

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ

ਗੁਰਦਾਸਪੁਰ, 21 ਜਨਵਰੀ (ਦੀ ਪੰਜਾਬ ਵਾਇਰ) – ਪੰਜਾਬ ਸਰਕਾਰ ਦੀ ਹਦਾਇਤਾਂ ਤਹਿਤ ਪੁਲਿਸ ਵਿਭਾਗ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ‘ਮਿਸ਼ਨ ਨਿਸ਼ਚੈ’ ਤਹਿਤ ਬੀਤੇ ਕੱਲ੍ਹ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ), ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ‘ਮੈਂ ਹਾਂ ਪੰਜਾਬ’ ਦੇ ਬੈਨਰ ਹੇਠ ਵਾਲੀਬਾਲ ਮੈਚ ਅਤੇ ਵਾਕਾਥੌਨ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ ਐੱਸ.ਪੀ. ਪੁਲਿਸ ਜ਼ਿਲ੍ਹਾ ਗੁਰਦਾਸਪੁਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਹੋਏ ‘ਮੈਂ ਹਾਂ ਪੰਜਾਬ’ ਪ੍ਰੋਗਰਾਮ ਵਿੱਚ ਵਾਲੀਬਾਲ ਮੈਚ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀਆਂ ਪ੍ਰਮੁੱਖ ਟੀਮਾਂ ਨੇ ਭਾਗ ਲਿਆ। ਇਸ ਦੌਰਾਨ ਗੁਰਦਾਸਪੁਰ ਪੁਲਿਸ ਵੱਲੋਂ ਵਾਕਾਥੌਨ ਰਾਹੀਂ ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਦਾ ਸੁਨੇਹਾ ਵੀ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਰਹੀ ਹੈ ਓਥੇ ਅਜਿਹੇ ਪ੍ਰੋਗਰਾਮ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਇਹ ਮੀਲ ਪੱਧਰ ਸਾਬਤ ਹੋਵੇਗਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਹਰੀਸ਼ ਦਾਯਮਾ ਅਤੇ ਐੱਸ.ਪੀ. ਜੁਗਰਾਜ ਸਿੰਘ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਜੋ ‘ਮਿਸ਼ਨ ਨਿਸ਼ਚੈ’ ਚਲਾਇਆ ਜਾ ਰਿਹਾ ਹੈ ਉਹ ਕਾਬਲੇ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ  ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਗੁਰਦਾਸਪੁਰ ਪੁਲਿਸ ਨੇ ਇਹ ਉੱਦਮ ਕਰਕੇ ਬਹੁਤ ਨੇਕ ਕਾਰਜ ਕੀਤਾ ਹੈ।

ਇਸ ਮੌਕੇ ਆਏ ਹੋਏ ਮਹਿਮਾਨਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਖਿਡਾਰੀਆਂ ਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਐੱਸ.ਪੀ. ਜੁਗਰਾਜ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਵੀ ਡੱਕਿਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਮੋਹਰੀ ਹੋ ਕੇ ਸਾਥ ਦੇਣ ਤਾਂ ਜੋ ਅਸੀਂ ਸਾਰੇ ਰਲ ਕੇ ਸਮਾਜ ਤੇ ਦੇਸ਼ ਵਿਰੋਧੀ ਅਨਸਰਾਂ ਨੂੰ ਹਾਰ ਦੇ ਸਕੀਏ। ਪ੍ਰੋਗਰਾਮ ਦੇ ਅਖੀਰ ਵਿੱਚ ਇਸ ਮੌਕੇ ਵਾਲੀਬਾਲ ਅਤੇ ਵਾਕਾਥੌਨ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ।

Written By
The Punjab Wire