ਗੁਰਦਾਸਪੁਰ ਪੰਜਾਬ

ਪੰਚਾਇਤ ਵਿਭਾਗ ਨੇ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ : ਜਗਰੂਪ ਸਿੰਘ ਸੇਖਵਾਂ

ਪੰਚਾਇਤ ਵਿਭਾਗ ਨੇ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ : ਜਗਰੂਪ ਸਿੰਘ ਸੇਖਵਾਂ
  • PublishedJanuary 23, 2025

ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖ਼ਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ

ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ

ਗੁਰਦਾਸਪੁਰ, 23 ਜਨਵਰੀ 2025 ( ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਚਾਇਤ ਵਿਭਾਗ ਵੱਲੋਂ ਹੁਣ ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਨੂੰ ਹੈੱਡ ਓਵਰ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ‘ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ ਸ਼ਾਮਲਾਤ ਜ਼ਮੀਨਾਂ ਦੀ ਸਾਲ 2024-25 ਦੌਰਾਨ 1.36 ਲੱਖ ਏਕੜ ਰਕਬੇ ਦੀ ਨਿਲਾਮੀ 469 ਕਰੋੜ ਰੁਪਏ ਵਿੱਚ ਕਰਵਾਈ ਗਈ। ਇਸੇ ਤਰ੍ਹਾਂ 2024-25 ਦੌਰਾਨ ਵਿਭਾਗ ਵੱਲੋਂ ਪਸ਼ੂ ਮੇਲਿਆਂ ਨੂੰ ਈ-ਆਕਸ਼ਨ ਰਾਹੀਂ ਠੇਕੇ ‘ਤੇ ਦੇਣ ਉਪਰੰਤ 93.90 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡਾਂ ਵਿੱਚ ਲਾਇਬਰੇਰੀਆਂ ਸ਼ੁਰੂ ਕਰਨ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬਰੇਰੀ ਸਕੀਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ 15 ਅਗਸਤ ਵਾਲੇ ਦਿਨ ਖ਼ੁਦ ਇਸ ਲਾਇਬਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ ਹਨ ਅਤੇ 179 ਕਾਰਜ ਅਧੀਨ ਹਨ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪਿੰਡਾਂ ਵਿੱਚ ਬਣੇ ਸੈੱਲਫ਼ ਹੈਲਪ ਗਰੁੱਪਾਂ ਦੀ ਵਿੱਤੀ ਸਹਾਇਤਾ ਲਈ ਵਿਭਾਗ ਨੇ ਬੈਂਕਾਂ ਤੋਂ 94.35 ਕਰੋੜ ਰੁਪਏ ਦਾ ਕਰਜ਼ਾ ਅਜਿਹੇ ਗਰੁੱਪਾਂ ਨੂੰ ਮੁਹੱਈਆ ਕਰਵਾਇਆ ਹੈ। ਇਸੇ ਤਰ੍ਹਾਂ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 983.98 ਕਰੋੜ ਰੁਪਏ ਖ਼ਰਚ ਕਰਦੇ ਹੋਏ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। ਵਿੱਤੀ ਸਾਲ 2024-25 ਦੌਰਾਨ ਔਸਤਨ 7.02 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਬੀਤੇ ਸਾਲ ਕੁੱਲ 95.03 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ 2461 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ 1623 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ।

Written By
The Punjab Wire