ਸਿੱਖਿਆ ਕ੍ਰਾਂਤੀ ਤਹਿਤ ਸੂਬਾ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹਿਆ – ਸ਼ੈਰੀ ਕਲਸੀ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ
ਗੁਰਦਾਸਪੁਰ, 25 ਜਨਵਰੀ 2025 (ਦੀ ਪੰਜਾਬ ਵਾਇਰ ) । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹਿਆ ਹੈ। ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਹੈ ਓਥੇ ਨਾਲ ਹੀ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟਰੇਨਿੰਗ ਦਿਵਾਉਣ ਦੇ ਨਾਲ ਸਕੂਲਾਂ ਵਿੱਚ ਬਿਹਤਰ ਸਿੱਖਿਆ ਦਾ ਮਾਹੌਲ ਸਿਰਜਿਆ ਹੈ।
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਪਾਈਆਂ ਨਵੀਆਂ ਪੈੜਾਂ ਦਾ ਜ਼ਿਕਰ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਹਨਾਂ ਵਿੱਚ ਸਭ ਤੋਂ ਪਹਿਲਾਂ ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ ਆਫ਼਼ ਸਿੰਗਾਪੁਰ ਇੰਟਰਨੈਸ਼ਨਲ ਵਿਖੇ 200 ਤੋਂ ਵੱਧ ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਟਰੇਨਿੰਗ ਦੁਆਈ ਗਈ ਹੈ।
ਸ੍ਰੀ ਸ਼ੈਰੀ ਕਲਸੀ ਨੇ ਦੱਸਿਆ ਕਿ ਇਸੇ ਤਰ੍ਹਾਂ 150 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸ਼ਮੂਲੀਅਤ ਆਦਿ ਵਿਸ਼ਿਆਂ ‘ਤੇ ਸਿਖਲਾਈ ਦੁਆਈ ਗਈ ਹੈ। ਟਰੇਨਿੰਗ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਅੱਗੇ ਵਧਦਿਆਂ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਬੀ.ਪੀ.ਈ.ਓ., ਸੀ.ਐੱਚ.ਟੀ., ਐੱਚ. ਟੀ. ਅਤੇ ਈ.ਟੀ.ਟੀ. ਦੇ ਕੁੱਲ 72 ਅਧਿਆਪਕਾਂ ਨੂੰ ਯੂਨੀਵਰਸਿਟੀ ਆਫ਼ ਤੁਰਕੂ (ਫਿਨਲੈਂਡ) ਵਿਖੇ ਵਿਸ਼ੇਸ਼ ਸਿਖਲਾਈ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਲਗਭਗ 82 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਰਾਹੀਂ 1689 ਕੈਂਪਸ ਮੈਨੇਜਰਾਂ, 689 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 1265 ਸੁਰੱਖਿਆ ਗਾਰਡ (652 ਸੀਨੀਅਰ ਸੈਕੰਡਰੀ ਸਕੂਲ ਅਤੇ 37 ਹਾਈ ਸਕੂਲ, ਪ੍ਰਤੀ ਸਕੂਲ-2) ਨੂੰ ਵੀ ਪੈਸਕੋ ਰਾਹੀਂ ਭਰਤੀ ਕੀਤੇ ਗਏ ਹਨ। ਇਸ ਤੋਂ ਇਲਾਵਾ 8286 ਸਕੂਲਾਂ ਵਿੱਚ ਸਫ਼ਾਈ ਕਰਮਚਾਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 1734 ਚੌਕੀਦਾਰਾਂ ਦੀ ਭਰਤੀ ਕੀਤੀ ਗਈ।
ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੁੱਲ 118 ਸਰਕਾਰੀ ਸਕੂਲਾਂ ਨੂੰ ਸਟੇਟ ਆਫ਼ ਆਰਟ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਕਰਨ ਤੋਂ ਇਲਾਵਾ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈੱਟ ਕਨੈੱਕਸ਼ਨਾਂ ਲਈ 29.3 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਵਿੱਚ ਪਖਾਨੇ, ਵਾਧੂ ਕਲਾਸ ਰੂਮ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਦੇ ਨਿਰਮਾਣ ਲਈ 120.43 ਕਰੋੜ ਮੁਹੱਈਆ ਕਰਵਾਇਆ ਗਿਆ ਹੈ। ਰਾਜ ਸਰਕਾਰ ਵੱਲੋਂ ਕਲਾਸ-ਰੂਮ, ਪ੍ਰਯੋਗਸ਼ਾਲਾਵਾਂ ਲਈ ਵੀ 93.48 ਕਰੋੜ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਾਲ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਅਤੇ ਕਿਤਾਬਾਂ ਸੈਸ਼ਨ ਸ਼ੁਰੂ ਹੁੰਦੇ ਸਾਰ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਸਨ। ਵਿਦਿਆਰਥੀਆਂ ਦੇ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਨੂੰ ਯਕੀਨੀ ਬਣਾਉਣ ਲਈ ਗ੍ਰੇਡ ਪੱਧਰੀ ਕੰਪੀਟੈਂਸੀ ਵਿੱਚ ਕੁਸ਼ਲ ਕਰਨ ਲਈ ਸੀ.ਈ.ਪੀ., ਮਿਸ਼ਨ ਸਮਰੱਥ ਅਤੇ ਮਿਸ਼ਨ ਆਰੰਭ ਵਰਗੇ ਸ਼ੁਰੂ ਕਰਨ ਤੋਂ ਇਲਾਵਾ ਮੈਗਾ ਪੀ.ਟੀ.ਐਮ. ਵਰਗੇ ਉਪਰਾਲਿਆਂ ਨਾਲ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਨ ਲਈ ਆਪ ਦੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।