ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ
ਗੁਰਦਾਸਪੁਰ, 25 ਜਨਵਰੀ 2025 (ਦੀ ਪੰਜਾਬ ਵਾਇਰ ) । ਸ. ਕੁਲਦੀਪ ਸਿੰਘ ਧਾਲੀਵਾਲ, ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸਰਕਾਰ 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਗਣਤੰਤਰ ਦਿਵਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਵੇਰੇ ਠੀਕ 10:00 ਵਜੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਮੁੱਖ ਮਹਿਮਾਨ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਆਪਣਾ ਸੰਦੇਸ਼ ਦੇਣਗੇ। ਇਸ ਉਪਰੰਤ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਦੀ ਬੈਂਡ ਟੀਮ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਪ੍ਰੋਗਰਾਮ ਦੌਰਾਨ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਨਾਲ ਲਬਰੇਜ਼ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ, ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈ ਕੇ ਇਸ ਕੌਮੀ ਤਿਉਹਾਰ ਦੀਆਂ ਰੌਣਕਾਂ ਨੂੰ ਵਧਾਉਣ।