Close

Recent Posts

ਗੁਰਦਾਸਪੁਰ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ
  • PublishedJanuary 30, 2025

ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ

ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾ ਮਾਣ ਰਹੇਗਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਜਨਵਰੀ (ਦੀ ਪੰਜਾਬ ਵਾਇਰ)– ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਭ ਤੋਂ ਪਹਿਲਾਂ ਸਵੇਰੇ ਠੀਕ 10:55 ਵਜੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਜਵਾਨਾਂ ਵੱਲੋਂ ਬਿਗਲ ਵਜਾਇਆ ਗਿਆ ਅਤੇ ਠੀਕ 11:00 ਵਜੇ 2 ਮਿੰਟ ਲਈ ਮੋਨ ਧਾਰਿਆ ਗਿਆ। ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਅਜ਼ਾਦ ਮੁਲਕ ਦੀ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤਾਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀਆਂ ਸੁਰੱਖਿਆ ਬਲਾਂ ਦੇ ਜਵਾਨ ਦੇਸ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਕੁਰਬਾਨੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪ੍ਰੋ. ਸੁਸ਼ੀਲ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਜਨਰਲ) ਅਦਿੱਤਿਆ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਪ੍ਰੋ. ਰਾਜ ਕੁਮਾਰ ਸ਼ਰਮਾ, ਕੰਵਰ ਵਿੱਕੀ, ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Written By
The Punjab Wire