ਸਬਜ਼ੀ ਮੰਡੀ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ – ਏ.ਡੀ.ਸੀ.
ਗੁਰਦਾਸਪੁਰ, 30 ਜਨਵਰੀ 2025 (ਦੀ ਪੰਜਾਬ ਵਾਇਰ )। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਤੜਕੇ ਸਬਜ਼ੀ ਮੰਡੀ ਗੁਰਦਾਸਪੁਰ ਅਤੇ ਮਾਰਕਿਟ ਕਮੇਟੀ ਦਫ਼ਤਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਸਬਜ਼ੀ ਵੇਚਣ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਵਾਮ ਦੀ ਸੇਵਾ ਤੇ ਸਹੂਲਤ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਜਿੱਥੇ ਹਰ ਰੋਜ਼ ਤੜਕੇ ਸਵੇਰ ਤੋਂ ਸਬਜ਼ੀ ਦੀ ਖ਼ਰੀਦੋ-ਫ਼ਰੋਖ਼ਤ ਹੁੰਦੀ ਹੈ ਓਥੇ ਮਾਰਕਿਟ ਕਮੇਟੀ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਵਿੱਚ ਜੋ ਘਾਟਾਂ ਨਜ਼ਰ ਆਈਆਂ ਹਨ ਉਨ੍ਹਾਂ ਨੂੰ ਨੋਟ ਕਰ ਲਿਆ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਦਾ ਹੱਲ ਕਰਵਾ ਦਿੱਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਮਾਰਕਿਟ ਕਮੇਟੀ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਜ਼ੀ ਮੰਡੀ ਵਿੱਚ ਰੋਜ਼ਾਨਾਂ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਮੰਡੀ ਵਿੱਚ ਢੁਕਵੇਂ ਥਾਵਾਂ ਉੱਪਰ ਲਾਈਟਾਂ ਦਾ ਪ੍ਰਬੰਧ ਵੀ ਕੀਤਾ ਜਾਵੇ ਕਿਉਂਕਿ ਸਬਜ਼ੀ ਮੰਡੀ ਵਿੱਚ ਕਿਸਾਨ ਤੇ ਆੜ੍ਹਤੀਏ ਰਾਤ ਦੇ ਪਹਿਲੇ ਪਹਿਰ ਤੋਂ ਹੀ ਪਹੁੰਚਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਵਿੱਚ ਪਖਾਨਿਆਂ ਦੀ ਸਾਫ਼-ਸਫ਼ਾਈ ਦਾ ਵੀ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਇਸ ਤੋਂ ਬਾਅਦ ਏ.ਡੀ.ਸੀ. ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਦਫ਼ਤਰ ਦਾ ਦੌਰਾ ਵੀ ਕੀਤਾ ਗਿਆ।