ਗੁਰਦਾਸਪੁਰ, 30 ਜਨਵਰੀ 2025 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਪਿੰਡ ਗੁਰਦਾਸ ਨੰਗਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਓਮਾ ਸ਼ੰਕਰ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ ਰਤਨਜੀਤ, ਡੀ ਐਸ ਪੀ ਕੁਲਵੰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪਹੁੰਚੇ ਹੋਏ ਸਨ। ਅਧਿਕਾਰੀਆਂ ਵੱਲੋਂ ਕੈਂਪ ਦੌਰਾਨ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਓਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਗੁਰਦਾਸ ਨੰਗਲ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਉਨ੍ਹਾਂ ਦੇ ਕੋਲ ਜਾ ਕੇ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਦਰਖਾਸਤਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਅਧਿਕਾਰੀਆਂ ਵੱਲੋਂ ਵਧੇਰੀਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਜਿਹੜੀਆਂ ਦਰਖਾਸਤਾਂ ਕਿਸੇ ਵਿਭਾਗ ਦੇ ਉੱਚ ਪੱਧਰ ਤੱਕ ਭੇਜਣ ਵਾਲੀਆਂ ਸਨ ਉਨ੍ਹਾਂ ਨੂੰ ਫਾਰਵਰਡ ਕੀਤਾ ਗਿਆ ਹੈ ਤਾਂ ਜੋ ਇਸ ਕੈਂਪ ਦੌਰਾਨ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ। ਇਸ ਮੌਕੇ ਅਧਾਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ, ਰੂਰਲ, ਰੈਜੀਡੈਂਸ ਸਰਟੀਫਿਕੇਟ ਮੌਕੇ ’ਤੇ ਜਾਰੀ ਕੀਤੇ ਗਏ।