ਪੰਜਾਬ ਸਰਕਾਰ ਆਪਣੇ ਮਾਲਕਾਂ ਨੂੰ ਜਿੱਤਾਉਣ ਲਈ ਲਾਈ ਬੈਠੀ ਹੈ ਦਿੱਲੀ ਵਿੱਚ ਡੇਰਾ
ਚੰਡੀਗੜ੍ਹ, 30 ਜਨਵਰੀ 2025 (ਦੀ ਪੰਜਾਬ ਵਾਇਰ)। ਗੁਰੂਆਂ ਦੀ ਨਗਰੀ ਅੰਮਿ੍ਤਸਰ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ‘ਤੇ ਚੜ੍ਹਨ ਅਤੇ ਭੰਨਤੋੜ ਕਰਨ ਦੀ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦੇ ਹੋਏ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਨੂੰ ਨਫ਼ਰਤ ਦੀ ਅੱਗ ਵਿੱਚ ਧਕਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਮਾਨ ਸਾਹਿਬ ਦਿੱਲੀ ਵਿੱਚ ਆਪਣੀ ਪਾਰਟੀ ਨੂੰ ਜਿਤਾਉਣ ਲਈ ਚੋਣ ਰਾਗ ਅਲਾਪ ਰਹੇ ਹਨ |
ਸ੍ਰੀ ਜਾਖੜ ਨੇ ਕਿਹਾ ਕਿ ਬਾਬਾ ਸਾਹਿਬ ਕਿਸੇ ਵਿਸ਼ੇਸ਼ ਵਰਗ ਜਾਂ ਜਾਤੀ ਤੱਕ ਸੀਮਤ ਨਹੀਂ ਸਗੋਂ ਪੂਰੇ ਭਾਰਤ ਦੇ 140 ਕਰੋੜ ਨਾਗਰਿਕਾਂ ਦੇ ਸਤਿਕਾਰ ਦੇ ਹੱਕਦਾਰ ਹਨ | ਉਨ੍ਹਾਂ ਨੇ ਨਾ ਸਿਰਫ਼ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸਗੋਂ ਗਰੀਬੀ ਨਾਲ ਜੂਝ ਰਹੇ ਲੋਕ ਲੱਖਾਂ ਪਰਿਵਾਰਾਂ ਦੇ ਹਿੱਤਾਂ ਨੂੰ ਸਰਵਉੱਚ ਮੰਨਿਆ ਸੀ | ਉਹਨਾਂ ਨੂੰ ਕਿਸੇ ਖਾਸ ਵਰਗ ਜਾਂ ਰਾਜਨੀਤਿਕ ਪਾਰਟੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ |
ਪ੍ਰਦੇਸ਼ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਗਤੀਵਿਧੀਆਂ ਤੋਂ ਬਦਬੂ ਆ ਰਹੀ ਸੀ | ਅੰਮਿ੍ਤਸਰ ਦੀ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਨੂੰ ਸਿਰਫ਼ ਇੱਕ ਵਿਅਕਤੀ ਨਾਲ ਜੋੜ ਕੇ ਦਬਾਇਆ ਨਹੀਂ ਜਾ ਸਕਦਾ | ਲੋਕ ਇਹ ਨਹੀਂ ਭੁੱਲੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣਾਂ ਜਿੱਤਣ ਲਈ ਕੱਟੜਪੰਥੀ ਵਰਗ ਦੀ ਮਦਦ ਮੰਗੀ ਸੀ | ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅੱਤਵਾਦ ਦਾ ਸਮਰਥਨ ਕਰਨ ਵਾਲੇ ਪਰਿਵਾਰ ਦੇ ਮਹਿਮਾਨ ਬਣੇ ਸਨ | ਅਜਿਹੀ ਕੱਟੜਪੰਥੀ ਸੋਚ ਵਾਲੇ ਲੋਕ ਹੁਣ ਅੰਮਿ੍ਤਸਰ ਨੂੰ ਕੇਂਦਰ ਬਿੰਦੂ ਮੰਨ ਕੇ ਕੋਝੇ ਕਦਮ ਚੁੱਕਣ ਵਿੱਚ ਲੱਗੇ ਹੋਏ ਹਨ ਤਾਂ ਜੋ ਪੰਜਾਬ ਵਿੱਚ ਡਰ ਅਤੇ ਨਫ਼ਰਤ ਦਾ ਮਾਹੌਲ ਪੈਦਾ ਕੀਤਾ ਜਾ ਸਕੇ | ਉਹ ਵਿਦੇਸ਼ਾਂ ਵਿੱਚ ਬੈਠੇ ਆਪਣੇ ਮਾਲਕਾਂ ਦੇ ਇਸ਼ਾਰੇ ‘ਤੇ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਪਵਿੱਤਰ ਧਰਤੀ ਪੰਜਾਬ ਦੇ ਮਾਹੌਲ ਨੂੰ ਪ੍ਰਦੂਸ਼ਿਤ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਉਣਾ ਚਾਹੁੰਦੇ | ਉਹ ਹਰ ਮਾੜੀ ਘਟਨਾ ਦੀ ਜ਼ਿੰਮੇਵਾਰੀ ਵੀ ਲੈਂਦੇ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਕੋਈ ਦਿਲਚਸਪੀ ਨਹੀਂ | ਸਾਰੀ ਪੰਜਾਬ ਸਰਕਾਰ ਦਿੱਲੀ ਵਿੱਚ ਆਪਣਾ ਤਖਤ ਬਚਾਉਣ ਲਈ ਉੱਥੇ ਡੇਰਾ ਲਾਈ ਬੈਠੀ ਹੈ | ਅਜਿਹੇ ਮਾਹੌਲ ਵਿੱਚ ਬਾਬਾ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਮਾੜੇ ਤੱਤਾਂ ਨੂੰ ਨੱਥ ਪਾਉਣ ਦੀ ਲੋੜ ਹੈ ਜੋ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਨੁਕਸਾਨ ਪਹੁੰਚਾ ਰਹੇ ਹਨ |