ਪੰਜਾਬ ਮੁੱਖ ਖ਼ਬਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
  • PublishedFebruary 3, 2025

ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਚੰਡੀਗੜ੍ਹ, 3 ਫਰਵਰੀ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।

Written By
The Punjab Wire