ਪੰਜਾਬ ਨੇ ਈ-ਸ਼ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 9 ਫਰਵਰੀ (ਦੀ ਪੰਜਾਬ ਵਾਇਰ)– ਪੰਜਾਬ ਸਰਕਾਰ ਦੇ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਵੱਲੋਂ ਉਸਾਰੀ ਕਾਮਿਆਂ ਦੀ ਸਹੂਲਤ ਲਈ ਰਜਿਸਟਰੇਸ਼ਨ ਫਾਰਮ ਨੂੰ ਆਸਾਨ ਬਣਾਉਣ ਅਤੇ ਫਾਰਮ ਨੰਬਰ 27 ਦਾ ਪੰਜਾਬੀ ਵਿੱਚ ਅਨੁਵਾਦ ਵਰਗੇ ਕਈ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਮੇ ਦੀ ਅਰਜ਼ੀ ’ਤੇ ਕੋਈ ਇਤਰਾਜ਼ ਲੱਗਦਾ ਹੈ ਤਾਂ ਸਬੰਧਤ ਉਸਾਰੀ ਕਾਮੇ ਨੂੰ ਇਸ ਸੰਬੰਧੀ ਐਸ.ਐਮ.ਐਸ. ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਹੁਣ ਕਿਰਤ ਇੰਸਪੈਕਟਰਾਂ ਨੂੰ ਅਰਜ਼ੀ ਪ੍ਰਾਪਤ ਹੋਣ ਦੇ 14 ਦਿਨਾਂ ਦੇ ਅੰਦਰ ਰਜਿਸਟਰੇਸ਼ਨ/ਨਵੀਨੀਕਰਨ ਅਰਜ਼ੀ ’ਤੇ ਕਾਰਵਾਈ ਕਰਨ ਦੀ ਹਦਾਇਤ ਹੈ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੇ ਵਜ਼ੀਫ਼ਾ ਯੋਜਨਾ, ਐਲ.ਟੀ.ਸੀ. ਯੋਜਨਾ ਅਤੇ ਸ਼ਗਨ ਯੋਜਨਾ ਸਮੇਤ ਵੱਖ-ਵੱਖ ਭਲਾਈ ਯੋਜਨਾਵਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਵੀ ਆਸਾਨ ਬਣਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ, ਹੁਣ ਤੱਕ ਵਿੱਤੀ ਸਾਲ 2024-2025 ਦੌਰਾਨ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ 19,055 ਕਾਮਿਆਂ ਨੂੰ ਕੁੱਲ 31.71 ਕਰੋੜ ਰੁਪਏ ਵੰਡੇ ਗਏ ਹਨ। ਇਸੇ ਤਰ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਉਸਾਰੀ ਕਾਮਿਆਂ ਵਿੱਚ ਕੁੱਲ 19.53 ਕਰੋੜ ਰੁਪਏ ਵੰਡੇ ਗਏ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪਿਛਲੇ ਸਾਲ ਵਿੱਚ ਪੰਜਾਬ ਕਿਰਤ ਭਲਾਈ ਬੋਰਡ ਨੇ 5980 ਲਾਭਪਾਤਰੀਆਂ ਵਿੱਚ ਕੁੱਲ 15.36 ਕਰੋੜ ਰੁਪਏ ਦੀ ਵੰਡ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਕਾਰਡਾਂ ਅਤੇ ਭਲਾਈ ਸਕੀਮਾਂ ਦੀ ਰਜਿਸਟਰੇਸ਼ਨ/ਨਵੀਨੀਕਰਨ ਵਿੱਚ ਕਿਰਤੀਆਂ ਦੀਆਂ ਅਰਜ਼ੀਆਂ ’ਤੇ ਲੱਗੇ ਇਤਰਾਜ਼ਾਂ ਨੂੰ ਹੱਲ ਕਰਨ ਵਿੱਚ ਸਹਾਇਤਾ ਕਰਨ ਲਈ ਸਹਾਇਕ ਕਮਿਸ਼ਨਰ/ਕਿਰਤ ਅਧਿਕਾਰੀ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਉਸਾਰੀ ਕਾਮਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।