ਜਿਲ੍ਹਾਂ ਗੁਰਦਾਸਪੁਰ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 11 ਫਰਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਦੇ ਬੰਦ ਰਹਿਣ ਦੇ ਹੁਕਮ ਜਾਰੀ
ਗੁਰਦਾਸਪੁਰ, 10 ਫਰਵਰੀ (ਦੀ ਪੰਜਾਬ ਵਾਇਰ)– ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਸ਼੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 11 ਫਰਵਰੀ (ਦਿਨ ਮੰਗਲਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇੱਥੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ‘ਤੇ ਲਾਗੂ ਨਹੀਂ ਹੋਵੇਗਾ।
ਦੱਸਣਯੋਗ ਹੈ ਕਿ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਭਾ, ਆਰੀਆ ਨਗਰ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਕੋਲ ਬੇਨਤੀ ਕੀਤੀ ਗਈ ਸੀ ਕਿ ਸਤਿਗੁਰੂ ਸ਼੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 11 ਫਰਵਰੀ 2025 ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਲਈ ਉਨ੍ਹਾਂ ਵੱਲੋਂ 11 ਫਰਵਰੀ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਜ਼ਿਲ੍ਹਾ ਮੈਜਿਸਟਰੇਟ ਉਮਾ ਸ਼ੰਕਰ ਗੁਪਤਾ ਵੱਲੋਂ ਸਵੀਕਾਰ ਕਰਦੇ ਹੋਏ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।