ਦਿੱਲੀ, 12 ਫਰਵਰੀ 2025 (ਦੀ ਪੰਜਾਬ ਵਾਇਰ)। ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸਿੱਖ ਦੰਗਿਆਂ ਦੌਰਾਨ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਕੇਸ ਦਾ ਫੈਸਲਾ 41 ਸਾਲ ਬਾਅਦ ਆਇਆ ਹੈ।
ਇਸ ਤੋਂ ਪਹਿਲਾਂ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਸ ਨੂੰ ਹਿੰਸਾ ਅਤੇ ਦੰਗੇ ਭੜਕਾਉਣ ਦਾ ਦੋਸ਼ੀ ਪਾਇਆ ਗਿਆ ਸੀ। ਉਹ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਸੱਜਣ ਕੁਮਾਰ ਖ਼ਿਲਾਫ਼ ਦੰਗਾ, ਕਤਲ ਅਤੇ ਡਕੈਤੀ ਦੇ ਦੋਸ਼ਾਂ ਤਹਿਤ ਆਈਪੀਸੀ ਦੀ ਧਾਰਾ 147, 149, 148, 302, 308, 323, 395, 397, 427, 436, 440 ਤਹਿਤ ਕੇਸ ਦਰਜ ਕੀਤਾ ਗਿਆ ਸੀ।