ਗੁਰਦਾਸਪੁਰ

ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਚਲਾਇਆ ਪੀਲਾ ਪੰਜਾ

ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਚਲਾਇਆ ਪੀਲਾ ਪੰਜਾ
  • PublishedFebruary 13, 2025

ਅਣ-ਅਧਿਕਾਰਤ ਕਲੋਨੀਆਂ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਵਾਈ ਜਾਰੀ ਰਹੇਗੀ – ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਹਰਗੋਬਿੰਦਪੁਰ ਸਾਹਿਬ/ਗੁਰਦਾਸਪੁਰ 13 ਫਰਵਰੀ 2025 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਾਪਰਾ ਐਕਟ 1995 ਦੀ ਉਲੰਘਣਾ ਕਰਨ ਵਾਲੀਆਂ ਅਣ-ਅਧਿਕਾਰਤ ਕਲੋਨੀਆਂ ਉੱਪਰ ਕਾਰਵਾਈ ਜਾਰੀ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਅਰੁਣ ਕੁਮਾਰ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਸ਼੍ਰੀ ਪੁਨੀਤ ਡਿਗਰਾ, ਸਹਾਇਕ ਨਗਰ ਯੋਜਨਾਕਾਰ, ਸ਼੍ਰੀ ਦਵਿੰਦਰਪਾਲ ਸਿੰਘ, ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ਰੈਗੂਲੇਟਰੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਾਪਰਾ ਐਕਟ 1995 ਦੀ ਉਲੰਘਣਾ ਕਰਦੇ ਹੋਏ ਹੋਂਦ ਵਿੱਚ ਲਿਆਂਦੀ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਗੋਬਿੰਦਪੁਰ ਸਾਹਿਬ, ਤਹਿਸੀਲ ਬਟਾਲਾ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਇਹ ਵੀ ਸਪਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਿਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਿਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮਨਜ਼ੂਰਸ਼ੁਦ੍ਹਾ ਨਹੀਂ ਹਨ, ਵਿੱਚ ਪਲਾਟ ਨਾ ਖ਼ਰੀਦਿਆ ਜਾਵੇ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪ੍ਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Written By
The Punjab Wire