ਵਿਆਹ ਸਮਾਗਮਾਂ ਦੇ ਮੌਕੇ ‘ਤੇ ਪੈਲੇਸਾਂ ਵਿਚ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਈ

ਸਕੂਲਾਂ, ਕਾਲਜਾਂ, ਗੁਰਦੁਆਰਿਆਂ, ਮੰਦਰਾਂ ਤੇ ਹੋਰ ਧਾਰਮਿਕ ਅਸਥਾਨਾਂ ਵਿੱਚ ਵੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਈ
ਗੁਰਦਾਸਪੁਰ, 17 ਫਰਵਰੀ 2025 (ਦੀ ਪੰਜਾਬ ਵਾਇਰ) – ਵਧੀਕ ਜ਼ਿਲ੍ਹਾ ਮਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲਿਜਾਣ ਦੀ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦੇ ਇਹ ਹੁਕਮ ਜਾਰੀ ਕਰਨ ਮੌਕੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਮ ਤੌਰ ‘ਤੇ ਇਹ ਦੇਖਿਆ ਗਿਆ ਹੈ ਕਿ ਕੁਝ ਲੋਕ ਵਿਆਹ ਸਮਾਗਮਾਂ ਜਾਂ ਅਜਿਹੇ ਹੋਰ ਮੌਕਿਆਂ ‘ਤੇ ਪੈਲੇਸਾਂ ‘ਚ ਹਥਿਆਰ ਲੈ ਕੇ ਜਾਂਦੇ ਹਨ ਅਤੇ ਕਈ ਵਾਰ ਓਥੇ ਦੁਖਦ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਅਜਿਹੇ ਵਿੱਚ ਇਹ ਪਾਬੰਦੀ ਲਗਾਉਣੀ ਬੇਹੱਦ ਜ਼ਰੂਰੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਰੇ ਮੈਰਿਜ ਪੈਲੇਸਾਂ ਦੇ ਮਾਲਕ ਵੀ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਪੈਲੇਸ ਵਿੱਚ ਸਮਾਗਮ ਮੌਕੇ ਕੋਈ ਵੀ ਵਿਅਕਤੀ ਹਥਿਆਰ ਲੈ ਕੇ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ, ਕਾਲਜਾਂ, ਗੁਰਦੁਆਰਿਆਂ ਤੇ ਮੰਦਰਾਂ ਤੇ ਹੋਰ ਧਾਰਮਿਕ ਅਸਥਾਨਾਂ ਵਿੱਚ ਵੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਹੈ। ਪਾਬੰਦੀ ਦੇ ਹੁਕਮ 22 ਜਨਵਰੀ ਤੋਂ 22 ਮਾਰਚ, 2025 ਤੱਕ ਲਾਗੂ ਰਹਿਣਗੇ।