ਗੁਰਦਾਸਪੁਰ

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ : ਰਮਨ ਬਹਿਲ

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ : ਰਮਨ ਬਹਿਲ
  • PublishedFebruary 18, 2025


ਗਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ

ਗੁਰਦਾਸਪੁਰ, 18 ਫਰਵਰੀ 2025 (ਦੀ ਪੰਜਾਬ ਵਾਇਰ)–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ ਪਾਰਦਰਸ਼ਤਾ ਆਈ ਹੈ ਅਤੇ ਜ਼ਮੀਨ ਪ੍ਰਾਪਤੀ ਲਈ ਧੋਖੇਬਾਜ਼ੀ ਦੀ ਗੁੰਜਾਇਸ਼ ਖ਼ਤਮ ਹੋਈ ਹੈ। ਜ਼ਮੀਨ ਪ੍ਰਾਪਤੀ ਲਈ ਜ਼ਰੂਰੀ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਗਰੀਨ ਸਟੈਂਪ ਪੇਪਰ ਜਾਰੀ ਹੁੰਦਾ ਹੈ ਜਿਸ ਰਾਹੀਂ ਉਦਯੋਗ ਰਜਿਸਟਰਡ ਸੇਲ ਡੀਡ ਕਰਨ ਯੋਗ ਹੋ ਜਾਂਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਗਰੀਨ ਸਟੈਂਪ ਪੇਪਰ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ, ਕਰੀਬ 3 ਸਾਲਾਂ ਦੌਰਾਨ 94,203 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ। ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਸਨਅਤੀ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੇ ਹਨ।
ਚੇਅਰਮੈਨ ਰਮਨ ਬਹਿਲ ਨੇ ਅੱਗੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜ਼ਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੇ ਸਮਰਪਣ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਗਰੀਨ ਸਟੈਂਪ ਪੇਪਰ ਦੀ ਇਸ ਪਹਿਲ ਕਦਮੀ ਨਾਲ ਉਦਯੋਗਪਤੀਆਂ ਲਈ ਕਾਨੂੰਨੀ ਦਸਤਾਵੇਜ਼ਾਂ ਦੀ ਪ੍ਰੋਸੈਸਿੰਗ ਤੇਜ਼ ਹੋਈ ਹੈ। ਸਭ ਤੋਂ ਅਹਿਮ ਸਾਰਾ ਕੁਝ ਆਨ ਲਾਈਨ ਹੋਣ ਸਦਕਾ ਲੋਕਾਂ ਦੇ ਕੰਮ ਆਸਾਨੀ ਨਾਲ ਤੇ ਜਵਾਬਦੇਹੀ ਨਾਲ ਹੋ ਜਾਂਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਗਰੀਨ ਸਟੈਂਪ ਪੇਪਰ ਨਾਲ ਉਦਯੋਗਾਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਤੇਜ਼ੀ ਨਾਲ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਂਦਾ ਹੈ। 6 ਵਿਭਾਗਾਂ ਮਾਲ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਤੇ ਜੰਗਲੀ ਜੀਵ, ਕਿਰਤ ਅਤੇ ਫ਼ੈਕਟਰੀਆਂ ਵੱਲੋਂ ਨਿਰਧਾਰਿਤ ਸਮਾਂ-ਸੀਮਾਵਾਂ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਪੂਰਵ-ਮਨਜ਼ੂਰੀਆਂ ਦਿੱਤੀਆਂ ਜਾਂਦੀਆਂ ਹਨ।

Written By
The Punjab Wire