ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਦੇ ਕੰਮਾਂ ਦਾ ਰੀਵਿਊ

ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਕੰਮਾਂ ਦੇ ਨਾਲ ਸਵੱਛਤਾ, ਖੇਡਾਂ, ਲਾਇਬ੍ਰੇਰੀਆਂ, ਵਾਤਾਵਰਨ ਸਬੰਧੀ ਕੰਮਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 18 ਫਰਵਰੀ 2025 (ਦੀ ਪੰਜਾਬ ਵਾਇਰ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 31 ਮਾਰਚ 2025 ਤੋਂ ਪਹਿਲਾਂ-ਪਹਿਲਾਂ ਮੁਕੰਮਲ ਹੋਏ ਸਾਰੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ।
ਸਥਾਨਕ ਪੰਚਾਇਤ ਭਵਨ ਵਿਖੇ ਪੰਚਾਇਤ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਸਰਕਾਰ ਵੱਲੋਂ ਤਹਿ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੁੰਦੇ ਵਿਕਾਸ ਕਾਰਜਾਂ ਵਿੱਚ ਮਨਰੇਗਾ ਕਾਮਿਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਕੰਮਾਂ ਦੇ ਨਾਲ ਸਵੱਛਤਾ, ਖੇਡਾਂ, ਲਾਇਬ੍ਰੇਰੀਆਂ, ਵਾਤਾਵਰਨ ਸਬੰਧੀ ਕੰਮਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਲਡ ਵੇਸਟ ਮੈਨੇਜਮੈਂਟ ਨੂੰ ਵਿਗਿਆਨਿਕ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਬਣ ਰਹੀਆਂ ਲਾਇਬ੍ਰੇਰੀਆਂ ਦੇ ਪ੍ਰੋਜੈਕਟਾਂ ਦਾ ਰੀਵਿਊ ਵੀ ਕੀਤਾ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਰੈਗੂਲਰ ਮੀਟਿੰਗਾਂ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਯੋਜਨਾਵਾਂ ਤਿਆਰ ਕਰਨ। ਮੀਟਿੰਗ ਦੌਰਾਨ ਐੱਮ.ਪੀ. ਲੈਡ, ਬਾਰਡਰ ਏਰੀਆ ਡਿਵੈਲਪਮੈਂਟ, ਪੇਂਡੂ ਵਿਕਾਸ ਅਤੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਦਾ ਰੀਵਿਊ ਵੀ ਕੀਤਾ ਗਿਆ।