ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਐਕਸਪੋਰਟ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ ਕੀਤੀ

ਗੁੜ ਉਤਪਾਦਾਂ ਨੂੰ ਐਕਸਪੋਰਟ ਕਰਨ ਸਬੰਧੀ ਕੀਤੀਆਂ ਵਿਚਾਰਾਂ
ਗੁਰਦਾਸਪੁਰ, 18 ਫਰਵਰੀ 2025 (ਦੀ ਪੰਜਾਬ ਵਾਇਰ ) – ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਐਕਸਪੋਰਟ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪ੍ਰਮੁੱਖ ਗੁੜ ਉਤਪਾਦਕਾਂ ਸਮੇਤ ਹੋਰ ਉਦਯੋਗਪਤੀਆਂ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਡਾਇਰੈਕਟਰ ਜਨਰਲ ਫਾਰੇਨ ਟਰੇਡ, ਲੁਧਿਆਣਾ ਤੋਂ ਆਏ ਮੋਹਿਤ ਅੰਤਿਲ ਵੱਲੋਂ ਗੁੜ ਉਤਪਾਦਨ ਨੂੰ ਐਕਸਪੋਰਟ ਕਰਨ ਸਬੰਧੀ ਪ੍ਰੇਰਿਤ ਕਰਦੇ ਹੋਏ ਆਪਣੇ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ ।
ਗੁੜ ਉਤਪਾਦਕਾਂ ਵੱਲੋਂ ਆਪਣੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਉਣ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਸਬੰਧਿਤ ਵਿਭਾਗਾਂ ਨੂੰ ਉਕਤ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਉੱਦਮੀਆਂ ਨੂੰ ਆਪਣੇ ਕਾਰੋਬਾਰ ਕਰਨ ਲਈ ਉਤਸ਼ਾਹਿਤ ਕਰਨ ਤੇ ਹਰ ਤਰਾਂ ਦਾ ਸਹਿਯੋਗ ਕਰਨ ਲਈ ਵਚਨਬੱਧ ਹੈ। ਉਨ੍ਹਾਂ ਉਦਯੋਗ ਵਿਭਾਗ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਉਹ ਨੌਜਵਾਨਾਂ ਤੱਕ ਸਰਕਾਰ ਵੱਲੋਂ ਸਵੈ-ਰੁਜ਼ਗਾਰ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਅਤੇ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਆਪਣੇ ਸਵੈ-ਰੁਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਕੀਤੀ ਜਾਵੇ।
ਇਸ ਮੌਕੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਸੁਖਪਾਲ ਸਿੰਘ ਵੱਲੋਂ ਆਏ ਹੋਏ ਉਦਯੋਗਪਤੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਕਿਹਾ ਗਿਆ ਤਾਂ ਜੋ ਜ਼ਿਲ੍ਹੇ ਵਿੱਚ ਉਦਯੋਗ ਹੋਰ ਤਰੱਕੀ ਕਰ ਸਕਣ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਜਗਮੋਹਨ ਸਿੰਘ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ, ਜੁਝਾਰ ਸਿੰਘ, ਰਾਜਨਬੀਰ ਸਿੰਘ, ਪਰਮਿੰਦਰ ਸਿੰਘ, ਕੌਸ਼ਲ ਸਿੰਘ ਸਮੇਤ ਹੋਰ ਉਦਯੋਗਪਤੀ ਵੀ ਹਾਜ਼ਰ ਹੋਏ ।