ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ
  • PublishedFebruary 19, 2025

ਜ਼ਿਲ੍ਹੇ ਦੇ ਅਮੀਰ ਧਾਰਮਿਕ ਤੇ ਇਤਿਹਾਸਕ ਵਿਰਸੇ ਤੇ ਵਿਰਾਸਤ ਨੂੰ ਸੰਭਾਲਣ ਤੇ ਪ੍ਰਚਾਰਨ ਬਾਰੇ ਕੀਤੀਆਂ ਵਿਚਾਰਾਂ

ਗੁਰਦਾਸਪੁਰ, 19 ਫਰਵਰੀ 2025 (ਦੀ ਪੰਜਾਬ ਵਾਇਰ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁੱਲਰ, ਹਿਸਟੋਰੀਅਨ ਸਿਮਰ ਸਿੰਘ, ਐਡਵੋਕੇਟ ਪ੍ਰਵੇਜ਼ ਇੰਦਰ ਸਿੰਘ, ਗੁਰਮੇਹਰ ਸਾਹਿਬ ਜੀਤ ਸਿੰਘ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਸਾਬਕਾ ਪ੍ਰੋ. ਰਾਜ ਕੁਮਾਰ ਸ਼ਰਮਾਂ ਤੇ ਹੋਰ ਮੈਂਬਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਸਭ ਤੋਂ ਪਹਿਲਾਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਵਿਕਟਰੀ ਟਾਵਰ, ਸ਼ਹੀਦੀ ਗੈਲਰੀ, ਲਾਇਬ੍ਰੇਰੀ ਅਤੇ ਮਲਟੀਮੀਡੀਆ ਰੂਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਾਹਨੂੰਵਾਨ ਛੰਬ ਵਿਖੇ ਸੰਨ 1746 ਨੂੰ ਹੋਏ ਛੋਟਾ ਘੱਲੂਘਾਰੇ ਸਬੰਧੀ ਬਣੀ ਇੱਕ ਦਸਤਾਵੇਜੀ ਫਿਲਮ ਵੀ ਦੇਖੀ।

ਇਸ ਮੌਕੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦਾ ਇਤਿਹਾਸਕ ਅਤੇ ਧਾਰਮਿਕ ਵਿਰਸਾ ਬਹੁਤ ਅਮੀਰ ਹੈ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਛੰਬ ਦੀ ਧਰਤੀ ਹਜ਼ਾਰਾਂ ਸਿੰਘਾਂ ਦੇ ਖੂਨ ਨਾਲ ਸਿੰਝੀ ਹੋਈ ਪਾਵਨ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਬਹੁਤ ਖ਼ੂਬਸੂਰਤ ਯਾਦਗਾਰ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸ਼ਹੀਦੀ ਯਾਦਗਾਰ ਦੀ ਸੰਭਾਲ ਵੱਲ ਹੋਰ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਗੌਰਮਸ਼ਾਲੀ ਵਿਰਸੇ ਤੋਂ ਜਾਣੂ ਕਰਵਾਉਣ ਲਈ ਅਜਿਹੀਆਂ ਇਤਿਹਾਸਕ ਮਹੱਤਤਾ ਵਾਲੀਆਂ ਥਾਂਵਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਅਮੀਰ ਧਾਰਮਿਕ ਤੇ ਇਤਿਹਾਸਕ ਵਿਰਸੇ ਤੇ ਵਿਰਾਸਤ ਨੂੰ ਸੰਭਾਲਣ ਤੇ ਪ੍ਰਚਾਰਨ ਬਾਰੇ ਵਿਚਾਰਾਂ ਵੀ ਕੀਤੀਆਂ।

ਇਸ ਮੌਕੇ ਉਨ੍ਹਾਂ ਸਮਾਰਕ ਦੀਆਂ ਪਾਰਕਾਂ ਅਤੇ ਫੁਹਾਰਿਆਂ ਦਾ ਨਿਰੀਖਣ ਕੀਤਾ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਮਾਰਕ ਵਿੱਚ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਇਸਦੀ ਖੂਬਸੂਰਤੀ ਵਿੱਚ ਹੋਰ ਵਾਧਾ ਕਰਨ ਲਈ ਫੁੱਲ-ਬੂਟੇ ਲਗਾਏ ਜਾਣ।

Written By
The Punjab Wire