ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਚੋਣਾਂ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਨਗਰ ਕੌਂਸਲ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ – ਡਾ. ਸੇਨੂ ਦੁੱਗਲ
ਗੁਰਦਾਸਪੁਰ, 20 ਫਰਵਰੀ 2025 (ਦੀ ਪੰਜਾਬ ਵਾਇਰ )। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਚੋਣ ਅਬਜ਼ਰਵਰ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਸ਼ੂਗਰ ਫੈੱਡ ਪੰਜਾਬ ਦੀ ਐੱਮ.ਡੀ. ਡਾ. ਸੇਨੂ ਦੁੱਗਲ ਨੇ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਣਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਧਿਕਾਰੀ ਤੇ ਹੋਰ ਚੋਣ ਅਮਲਾ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਵੇ।
ਚੋਣ ਅਬਜ਼ਰਵਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਚੋਣਾਂ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ’ਤੇ ਉਸ ਉੱਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਨੇ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਰਾਜ ਚੋਣ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਔਰਤਾਂ ਅਤੇ ਸਮਾਜ ਦੇ ਕਮਜ਼ੋਰ ਵਰਗ ਆਪਣੀ ਵੋਟ ਦੇ ਅਧਿਕਾਰ ਦੀ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਵਰਤੋਂ ਕਰ ਸਕਣ। ਚੋਣ ਅਬਜ਼ਰਵਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣਾਂ ਪੂਰੀ ਤਰ੍ਹਾਂ ਅਮਨ ਸ਼ਾਂਤੀ ਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਅੱਜ 20 ਫਰਵਰੀ ਨਾਮਜ਼ਦਗੀਆਂ ਦਾਖਲ ਕਰਨ ਦਾ ਆਖ਼ਰੀ ਦਿਨ ਸੀ ਅਤੇ 21 ਫਰਵਰੀ (ਦਿਨ ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 22 ਫਰਵਰੀ, ਦਿਨ (ਸ਼ਨੀਵਾਰ) ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਅਬਜ਼ਰਵਰ ਨੇ ਅੱਗੇ ਦੱਸਿਆ ਕਿ 2 ਮਾਰਚ ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ (2 ਮਾਰਚ ਦਿਨ ਐਤਵਾਰ) ਨੂੰ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਜ਼ਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਦੇ ਕੁੱਲ 7812 ਵੋਟਰ ਹਨ, ਜਿਨ੍ਹਾਂ ਵਿੱਚ 3992 ਮਰਦ ਅਤੇ 3820 ਔਰਤਾਂ ਵੋਟਰ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕੁੱਲ 13 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 13 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 22 ਫਰਵਰੀ ਅਤੇ ਦੂਜੀ ਰਿਹਰਸਲ 27 ਫਰਵਰੀ ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਪੂਰੀ ਤਰਾਂ ਸ਼ਾਂਤਮਈ, ਆਜ਼ਾਦਾਨਾ ਤੇ ਨਿਰਪੱਖ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ।