ਬਾਜਵਾ ਨੇ ‘ਆਪ’ ਆਗੂਆਂ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਨਿਆਇਕ ਜਾਂਚ ਦੀ ਮੰਗ ਕੀਤੀ

ਚੰਡੀਗੜ੍ਹ, 20 ਫਰਵਰੀ 2025 (ਦੀ ਪੰਜਾਬ ਵਾਇਰ)– ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬੇ ‘ਚ ਵੱਡੇ ਪੱਧਰ ‘ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਗੰਭੀਰ ਨੋਟਿਸ ਲਏ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਸ਼ੱਕ ਜ਼ਾਹਿਰ ਕੀਤਾ ਕਿ ਗੈਰ-ਕਾਨੂੰਨੀ ਮਾਈਨਿੰਗ ‘ਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੀ ਸ਼ਮੂਲੀਅਤ ਹੈ।
ਹਾਈ ਕੋਰਟ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਰਾਹੀਂ ਰੋਜ਼ਾਨਾ ਡੇਢ ਲੱਖ ਰੁਪਏ ਤੋਂ ਵੱਧ ਕਮਾਈ ਕਰਨ ਵਾਲੇ ਮੋਗਾ ਦੇ ਵਸਨੀਕ ਦੀ ਗ੍ਰਿਫਤਾਰੀ ਬਾਰੇ ਰਿਪੋਰਟ ਦਾ ਹਵਾਲਾ ਦਿੱਤਾ। ਹਾਈ ਕੋਰਟ ਨੇ ਸੂਬੇ ਵਿੱਚ ਬੇਰੋਕ ਮਾਈਨਿੰਗ ਕਾਰਜਾਂ ਦੇ ਚਿੰਤਾਜਨਕ ਪੈਮਾਨੇ ‘ਤੇ ਵੀ ਚਿੰਤਾ ਜ਼ਾਹਿਰ ਕੀਤੀ। ਬਾਜਵਾ ਨੇ ਕਿਹਾ ਕਿ ਮੈਂ ਮਾਣਯੋਗ ਹਾਈ ਕੋਰਟ ਨੂੰ ਅਪੀਲ ਕਰਦਾ ਹਾਂ ਕਿ ਉਹ ਹਾਈ ਕੋਰਟ ਦੇ ਸੇਵਾਮੁਕਤ ਜਾਂ ਮੌਜੂਦਾ ਜੱਜ ਦੀ ਅਗਵਾਈ ਵਾਲੀ ਕਮੇਟੀ ਦੇ ਅਧੀਨ ਜਾਂਚ ਦੇ ਆਦੇਸ਼ ਦੇਵੇ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਕੀ ‘ਆਪ’ ਦੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਵੀ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੈਰ-ਕਾਨੂੰਨੀ ਮਾਈਨਿੰਗ ਵਿੱਚ ‘ਆਪ’ ਲੀਡਰਸ਼ਿਪ ਦੀ ਸ਼ਮੂਲੀਅਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ‘ਆਪ’ ਦੇ ਸੱਤਾ ‘ਚ ਆਉਣ ਤੋਂ ਬਾਅਦ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਕਈ ਗੁਣਾ ਵਧ ਗਏ ਹਨ। ਸਾਰੀਆਂ ਮੀਡੀਆ ਸੰਸਥਾਵਾਂ ਨੇ ਸਮੇਂ-ਸਮੇਂ ‘ਤੇ ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕੀਤੀ ਹੈ। ਤਾਜ਼ਾ ਮਾਮਲਿਆਂ ਵਿਚੋਂ ਇੱਕ ਮਾਮਲਾ ਜ਼ੀਰਕਪੁਰ (ਡੇਰਾਬੱਸੀ) ਦੇ ਬਨੂੜ ਨਹਿਰ ਡੈਮ ਵਿਚ ਗੰਦਗੀ ਕੱਢਣ ਦੇ ਕੰਮ ਦੀ ਆੜ ਵਿਚ ਦਿਨ-ਰਾਤ ਨਾਜਾਇਜ਼ ਮਾਈਨਿੰਗ ਜ਼ੋਰਾਂ ‘ਤੇ ਚੱਲ ਰਿਹਾ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
ਕੁਝ ਹਫ਼ਤੇ ਪਹਿਲਾਂ ਹੀ ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ ਸ਼ਰਮਾ (ਸੇਵਾਮੁਕਤ) ਨੇ ਮੁਹਾਲੀ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਵਿੱਚ ਸਰਕਾਰੀ ਮਸ਼ੀਨਰੀ ਦੀ ਅਸਫਲਤਾ ਲਈ ਆਮ ਆਦਮੀ ਪਾਰਟੀ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਪ੍ਰੋਫੈਸਰ ਡਾ ਆਦਰਸ਼ ਪਾਲ ਵਿਗ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਨੇ ਇਸ ‘ਤੇ ਕਾਰਵਾਈ ਕਰਨ ਦੀ ਕੋਈ ਪਰਵਾਹ ਨਹੀਂ ਕੀਤੀ।
ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਖ਼ਤਮ ਕਰਨਾ ‘ਆਪ’ ਦੀ ਮੁੱਖ ਚੋਣ ਬਿਆਨਬਾਜ਼ੀ ਹੈ। ਇਸ ਨੇ ਮਾਈਨਿੰਗ ਤੋਂ ਸਾਲਾਨਾ 20000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਵੀ ਵਾਅਦਾ ਕੀਤਾ। ਤਿੰਨ ਸਾਲਾਂ ‘ਚ ਇਸ ਨੂੰ 60,000 ਕਰੋੜ ਰੁਪਏ ਦੀ ਕਮਾਈ ਹੋਣੀ ਚਾਹੀਦੀ ਸੀ। ਫਿਰ ਵੀ, ਇਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਉਪਰੋਕਤ ਮਾਲੀਆ ਕਮਾਉਣ ਵਿੱਚ ਅਸਮਰਥ ਰਿਹਾ।
ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਜਾਂ ਇਸ ਦੀ ਲੀਡਰਸ਼ਿਪ ਸਿੱਧੇ ਜਾਂ ਅਸਿੱਧੇ ਤੌਰ ‘ਤੇ ਵਿੱਤੀ ਫ਼ਾਇਦੇ ਲਈ ਨਾਜਾਇਜ਼ ਮਾਈਨਿੰਗ ‘ਚ ਸ਼ਾਮਲ ਹੈ। ਬਾਜਵਾ ਨੇ ਕਿਹਾ ਕਿ ਸਿਰਫ਼ ਸੁਤੰਤਰ ਅਤੇ ਨਿਰਪੱਖ ਜਾਂਚ ਹੀ ਸੱਚਾਈ ਨੂੰ ਉਜਾਗਰ ਕਰ ਸਕਦੀ ਹੈ।