7 ਨਾਮਜ਼ਦਗੀ ਪੇਪਰ ਰੱਦ ਅਤੇ 49 ਨਾਮਜ਼ਦਗੀ ਪੱਤਰ ਸਹੀ ਪਾਏ ਗਏ
22 ਫਰਵਰੀ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਜਾਵੇਗੀ ਵੰਡ
ਡੇਰਾ ਬਾਬਾ ਨਾਨਕ, 21 ਫਰਵਰੀ 2025 ( ਦੀ ਪੰਜਾਬ ਵਾਇਰ)। ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਮਨਜੀਤ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਅਮਨਦੀਪ ਸਿੰਘ ਵੱਲੋਂ ਅੱਜ ਐੱਸ.ਡੀ.ਐੱਮ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਕੀਤੀ ਗਈ। ਨਾਮਜ਼ਦਗੀ ਪੇਪਰਾਂ ਦੀ ਪੜਤਾਲ ਦੌਰਾਨ ਕੁੱਲ 56 ਨਾਮਜ਼ਦਗੀ ਪੱਤਰਾਂ ਵਿਚੋਂ 7 ਨਾਮਜ਼ਦਗੀ ਪੱਤਰ ਰੱਦ ਹੋ ਗਏ ਜਦਕਿ 49 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।
ਰਾਜ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਗਰ ਕੌਂਸਲ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਨੇ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਨਿਗਰਾਨੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਰਾਜਪਾਲ ਸਿੰਘ ਸੇਖੋਂ ਵੀ ਮੌਜੂਦ ਸਨ।
ਇਸ ਮੌਕੇ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ 13 ਵਾਰਡਾਂ ਲਈ ਬੀਤੇ ਕੱਲ ਨਾਮਜ਼ਦਗੀ ਦਾਖਲ ਕਰਨ ਦੇ ਆਖ਼ਰੀ ਦਿਨ ਤੱਕ ਕੁੱਲ 56 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਜਿਨ੍ਹਾਂ ਦੀ ਅੱਜ ਪੜਤਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਕੀਤੀ ਗਈ ਹੈ ਅਤੇ ਇਸ ਸਾਰੀ ਪ੍ਰਿਿਕ੍ਰਆ ਦੀ ਵੀਡੀਓਗ੍ਰਾਫ਼ੀ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 7 ਨਾਮਜ਼ਦਗੀ ਪੱਤਰ ਰੱਦ ਹੋਏ ਹਨ ਜਦਕਿ 49 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।
ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਉਮੀਦਵਾਰ 22 ਫਰਵਰੀ, ਦਿਨ (ਸ਼ਨੀਵਾਰ) ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ ਅਤੇ ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਨੂੰ 22 ਫਰਵਰੀ ਨੂੰ ਹੀ ਚੋਣ ਨਿਸ਼ਾਨਾਂ ਦੀ ਵੰਡ ਕੀਤੀ ਜਾਵੇਗੀ। ਚੋਣ ਅਬਜ਼ਰਵਰ ਨੇ ਅੱਗੇ ਦੱਸਿਆ ਕਿ 2 ਮਾਰਚ ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ (2 ਮਾਰਚ ਦਿਨ ਐਤਵਾਰ) ਨੂੰ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਦੇ ਕੁੱਲ 7812 ਵੋਟਰ ਹਨ, ਜਿਨ੍ਹਾਂ ਵਿੱਚ 3992 ਮਰਦ ਅਤੇ 3820 ਔਰਤਾਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕੁੱਲ 13 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 13 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 22 ਫਰਵਰੀ ਅਤੇ ਦੂਜੀ ਰਿਹਰਸਲ 27 ਫਰਵਰੀ ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਪੂਰੀ ਤਰਾਂ ਸ਼ਾਂਤਮਈ, ਆਜ਼ਾਦਾਨਾ ਤੇ ਨਿਰਪੱਖ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ।