ਗੁਰਦਾਸਪੁਰ

ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਲਈ 37 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ

ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਲਈ 37 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ
  • PublishedFebruary 22, 2025

ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ

ਆਪ 13 ਵਾਰਡਾਂ ਤੋਂ, ਕਾਂਗਰਸ 12 ਵਾਰਡਾਂ ਤੋਂ, ਭਾਜਪਾ 8 ਵਾਰਡਾਂ ਤੋਂ ਅਤੇ ਅਕਾਲੀ ਦਲ 1 ਵਾਰਡ ਤੋਂ ਲੜ ਰਿਹਾ ਚੋਣ

3 ਅਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਨਿੱਤਰੇ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਫਰਵਰੀ (ਦੀ ਪੰਜਾਬ ਵਾਇਰ) – ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ 2 ਮਾਰਚ 2025 ਨੂੰ ਹੋ ਰਹੀਆਂ ਚੋਣਾਂ ਲਈ 37 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਅੱਜ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਦਿਨ ਸੀ ਅਤੇ 12 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ 13 ਵਾਰਡਾਂ ਦੀ ਚੋਣ ਲਈ 56 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਬੀਤੇ ਕੱਲ 21 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 7 ਉਮੀਦਵਾਰਾਂ ਦੇ ਪੇਪਰ ਰੱਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ ਅਤੇ ਬਾਅਦ ਦੁਪਹਿਰ 3:00 ਵਜੇ ਤੱਕ 12 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਕੁੱਲ 37 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ 13 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ 13 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ ਜਦਕਿ ਭਾਰਤੀ ਜਨਤਾ ਪਾਰਟੀ ਦੇ 8 ਵਾਰਡਾਂ ਤੋਂ ਉਮੀਦਵਾਰ, ਕਾਂਗਰਸ ਪਾਰਟੀ ਦੇ 12 ਵਾਰਡਾਂ ਤੋਂ ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਅਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨਾਂ ਦੀ ਵੰਡ ਕਰ ਦਿੱਤੀ ਗਈ ਹੈ।   

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਦੇ ਕੁੱਲ 7812 ਵੋਟਰ ਹਨ, ਜਿਨ੍ਹਾਂ ਵਿੱਚ 3992 ਮਰਦ ਅਤੇ 3820 ਔਰਤਾਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕੁੱਲ 13 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 13 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਪੂਰੀ ਤਰਾਂ ਸ਼ਾਂਤਮਈ, ਆਜ਼ਾਦਾਨਾ ਤੇ ਨਿਰਪੱਖ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ।

Written By
The Punjab Wire